ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ- ਜਥੇਦਾਰ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 12 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਅਨੁਸਾਰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਠੀਕ ਕਰਨ ਦੇ ਸੰਬੰਧ ਵਿਚ ਉਨ੍ਹਾਂ ਦੇ ਹਵਾਲੇ ਨਾਲ ਫੈਲਾਈਆਂ ਜਾ ਰਹੀਆਂ ਗੁੰਮਰਾਹ-ਕੁੰਨ ਖ਼ਬਰਾਂ ਦਾ ਖੰਡਨ ਕੀਤਾ ਹੈ। ਅਕਾਲ ਤਖ਼ਤ ਸਕੱਤਰੇਤ ਵਲੋਂ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਵਲੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਇੰਗਲੈਂਡ ਦੌਰੇ ਦੌਰਾਨ ਉਨ੍ਹਾਂ ਨੂੰ ਕੁਝ ਸਿੰਘ ਮਿਲੇ ਸਨ, ਜਿਨ੍ਹਾਂ ਨੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਸੰਬੰਧੀ ਸਵਾਲ ਕੀਤੇ। ਇਸ ਸੰਬੰਧ ਵਿਚ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਿੰਘਾਂ ਨੂੰ ਦੱਸਿਆ ਸੀ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਦਲਣ ਸੰਬੰਧੀ ਪੰਜ ਸਿੰਘ ਸਾਹਿਬਾਨ ਨੇ ਨਵਾਂ ਜਾਂ ਕੋਈ ਵੱਖਰਾ ਫ਼ੈਸਲਾ ਨਹੀਂ ਕੀਤਾ ਬਲਕਿ 1936 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਵਿਚ ਲਿਖਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ‘ਬਸੰਤੀ ਜਾਂ ਸੁਰਮਈ ’ਰੰਗ ਦੇ ਹੋਣੇ ਚਾਹੀਦੇ ਹਨ। ਇਸ ਕਰਕੇ ਸਿੱਖ ਰਹਿਤ ਮਰਯਾਦਾ ਦੇ ਅਨੁਸਾਰ ਨਿਸ਼ਾਨ ਸਾਹਿਬ ਦਾ ਰੰਗ ਸਹੀ ਕੀਤਾ ਗਿਆ ਹੈ। ਬੁੱਟਰ ਅਨੁਸਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਿੰਘਾਂ ਨੂੰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਸੰਗਤ ਵਲੋਂ ਪ੍ਰਗਟਾਈ ਜਾ ਰਹੀ ਦੁਬਿਧਾ ਦੇ ਸੰਬੰਧ ਵਿਚ ਬੀਤੀ 15 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਹੋਇਆ ਆਦੇਸ਼ ਪੱਤਰ ਪੜ੍ਹ ਕੇ ਵੀ ਸੁਣਾਇਆ ਸੀ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਵਾਲੇ ਨਾਲੇ ਸੱਚਾਈ ਤੋਂ ਦੂਰ ਫੈਲਾਈਆਂ ਜਾ ਰਹੀਆਂ ਖ਼ਬਰਾਂ ਬਿਲਕੁਲ ਝੂਠੀਆਂ ਅਤੇ ਗੁੰਮਰਾਹਕੁੰਨ ਹਨ ਅਤੇ ਸੰਗਤਾਂ ਇਸ ਪ੍ਰਤੀ ਸੁਚੇਤ ਰਹਿਣ।