ਪੰਜਾਬ ਸਰਕਾਰ ਸਪੱਸ਼ਟ ਕਰੇ ਕਿ ਲਾਰੇਂਸ ਦੀ ਇੰਟਰਵਿਊ ਕਰਵਾਉਣ ਦਾ ਮੰਤਵ ਕੀ ਸੀ - ਬਲਕੌਰ ਸਿੰਘ ਸਿੱਧੂ
ਮਾਨਸਾ, 7 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਇਹ ਸਪੱਸ਼ਟ ਕਰੇ ਕਿ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਕਰਵਾਉਣ ਦਾ ਮੰਤਵ ਕੀ ਸੀ? ਇਹ ਟਿੱਪਣੀ ਉਨ੍ਹਾਂ ਵਿਸ਼ੇਸ਼ ਜਾਂਚ ਟੀਮ (ਸਿੱਟ) ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪੇਸ਼ ਕੀਤੀ। ਉਸ ਰਿਪੋਰਟ ਦੇ ਮੱਦੇਨਜ਼ਰ ਕੀਤੀ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਗੈਂਗਸਟਰ ਲਾਰੇਂਸ ਦੀ ਪਹਿਲੀ ਇੰਟਰਵਿਊ ਸੀ.ਆਈ.ਏ. ਸਟਾਫ਼ ਖਰੜ ਅਤੇ ਦੂਸਰੀ ਰਾਜਸਥਾਨ ਦੀ ਜੇਲ੍ਹ ’ਚ ਹੋਈ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੂੰ ਗੈਂਗਸਟਰ ਹੀ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਣਯੋਗ ਹਾਈਕੋਰਟ ’ਚ ਪਟੀਸ਼ਨ ਦਾਖਲ ਕਰਨ ਤੋਂ ਬਾਅਦ ਹੀ ‘ਸਿੱਟ’ ਵਲੋਂ ਇਹ ਸੱਚ ਸਾਹਮਣੇ ਲਿਆਂਦਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਲਾਰੇਂਸ ਦੀ ਇੰਟਰਵਿਊ ਕਰਵਾਉਣ ’ਚ ਮਦਦ ਕਰਨ ਵਾਲੇ ਅਧਿਕਾਰੀਆਂ ਦੇ ਚਿਹਰੇ ਨੰਗੇ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।