ਡਾ. ਨਵਦੀਪ ਸਿੰਘ ਦੀ ਖੁਦਕੁਸ਼ੀ ਮਾਮਲਾ: ਪਿਤਾ ਨੇ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)- ਨੀਟ ਪ੍ਰੀਖਿਆ ਬੈਚ 2017 ਵਿਚ ਦੇਸ਼ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਾ ਡਾ. ਨਵਦੀਪ ਸਿੰਘ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਕਈ ਸਵਾਲ ਖੜ੍ਹੇ ਕਰ ਗਿਆ ਹੈ। ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦਿੱਲੀ ਵਿਖੇ ਡਾ. ਨਵਦੀਪ ਸਿੰਘ (25 ਸਾਲ) ਹੁਣ ਐਮ.ਡੀ. ਕਰ ਰਿਹਾ ਸੀ ਤੇ ਰੇਡਿਆਲੋਜੀ ਵਿਭਾਗ ਦੂਜੇ ਸਾਲ ਦਾ ਵਿਦਿਆਰਥੀ ਸੀ। ਉਸ ਦੀ ਕਮਰੇ ਵਿਚੋਂ ਪੱਖੇ ਨਾਲ ਲਟਕਦੀ ਲਾਸ਼ ਮਿਲੀ ਸੀ। ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਨਵਦੀਪ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸੇਜਲ ਅੱਖਾਂ ਨਾਲ ਉਸ ਨੂੰ ਅੰਤਿਮ ਵਿਦਾਇਗੀ ਦਿੱਤੀ। ਉਸ ਦੇ ਪਿਤਾ ਗੋਪਾਲ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਏਨਾਗਾ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਡਾ. ਨਵਦੀਪ ਸਿੰਘ ਦੀ ਮੌਤ ਸੰਬੰਧੀ ਸੀ.ਬੀ.ਆਈ. ਤੋਂ ਜਾਂਚ ਕਰਵਾਈ ਜਾਵੇ ਤਾਂ ਜੋ ਉਸ ਦੀ ਮੌਤ ਦਾ ਸੱਚ ਸਾਹਮਣੇ ਆ ਸਕੇ। ਵਿਦਿਆਰਥੀ ਨੂੰ ਦੇਸ਼ ਦੇ ਰਾਸ਼ਟਰਪਤੀ ਵਲੋਂ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਸੀ।