ਮ੍ਰਿਤਕ ਮਗਨਰੇਗਾ ਮਜ਼ਦੂਰਾਂ ਨੂੰ ਇਨਸਾਫ ਦਿਵਾਉਣ ਲਈ ਕੌਮੀ ਮਾਰਗ 'ਤੇ ਲੱਗਾ ਧਰਨਾ
ਸੁਨਾਮ (ਊਧਮ ਸਿੰਘ ਵਾਲਾ), 19 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਨੇੜਲੇ ਪਿੰਡ ਬਿਸ਼ਨਪੁਰਾ ਦੇ ਬੀਤੇ ਦਿਨੀਂ ਸਥਾਨਕ ਪਟਿਆਲਾ ਰੋਡ 'ਤੇ ਸੜਕ ਹਾਦਸੇ 'ਚ ਮਾਰੇ ਗਏ ਚਾਰ ਮਗਨਰੇਗਾ ਮਜ਼ਦੂਰਾਂ ਲਈ ਇਨਸਾਫ ਦੀ ਮੰਗ ਕਰ ਰਹੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਪਿੰਡ ਵਾਸੀਆਂ ਨਾਲ ਕਿਸੇ ਤਰ੍ਹਾਂ ਦੇ ਟਕਰਾਅ ਤੋਂ ਬਚਾਅ ਕਰਦਿਆਂ ਪਿੰਡ ਬਿਸ਼ਨਪੁਰਾ 'ਚ ਸੜਕ 'ਤੇ ਦਿੱਤਾ ਜਾ ਰਿਹਾ ਅਣਮਿੱਥੇ ਸਮੇਂ ਦਾ ਧਰਨਾ ਐਕਸ਼ਨ ਕਮੇਟੀ ਦੇ ਫੈਸਲੇ ਉਪਰੰਤ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਤਬਦੀਲ ਕਰਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਆਪਣੇ ਇਲਾਕੇ 'ਚ ਇਕ ਦੁਖਦਾਈ ਘਟਨਾ ਵਿਚ ਮਾਰੇ ਗਏ ਚਾਰ ਮਗਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਦੀ ਬਜਾਏ ਦਿੱਲੀ 'ਚ ਆਪਣੇ ਆਕਾ ਨੂੰ ਖੁਸ਼ ਕਰਨ ਅਤੇ ਹਰਿਆਣਾ ਵਿਚ ਆਪਣੀ ਪਾਰਟੀ ਲਈ ਵੋਟਾਂ ਮੰਗਣ ਵਿਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਕਿਸੇ ਨਾ ਕਿਸੇ ਤਰ੍ਹਾਂ ਮਜ਼ਦੂਰ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਵਿਚ ਹੈ ਪਰ ਮਜ਼ਦੂਰ ਸੰਘਰਸ਼ ਪੀੜਤ ਪਰਿਵਾਰਾਂ ਦੀਆਂ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ।