ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜੰਮੂ ਕਸ਼ਮੀਰ ਦਾ ਦੌਰਾ ਕਰੇਗਾ ਚੋਣ ਕਮਿਸ਼ਨ
ਸ੍ਰੀਨਗਰ, 7 ਅਗਸਤ- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਦੋ ਦਿਨਾਂ ਜੰਮੂ ਦਾ ਦੌਰਾ ਕੀਤਾ ਜਾਵੇਗਾ। ਵਫ਼ਦ ਭਲਕੇ ਸ੍ਰੀਨਗਰ ਪੁੱਜੇਗਾ ਅਤੇ ਸਵੇਰੇ 11:15 ਵਜੇ ਖ਼ੇਤਰੀ ਅਤੇ ਰਾਸ਼ਟਰੀ ਪਾਰਟੀਆਂ ਨਾਲ ਚੋਣ ਕਮਿਸ਼ਨ ਦੀ ਬੈਠਕ ਹੋਵੇਗੀ। ਉਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਹੋਵੇਗੀ। ਚੋਣ ਕਮਿਸ਼ਨ 9 ਅਗਸਤ ਨੂੰ ਦੁਪਹਿਰ 2 ਵਜੇ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰੇਗਾ। ਇਸ ਸਾਲ ਜੂਨ ਵਿਚ ਚੋਣ ਕਮਿਸ਼ਨ ਨੇ ਮਹਾਰਾਸ਼ਟਰ, ਝਾਰਖ਼ੰਡ, ਹਰਿਆਣਾ ਅਤੇ ਜੰਮੂ ਕਸ਼ਮੀਰ ਵਿਚ ਵੋਟਰ ਸੂਚੀ ਨੂੰ ਅਪਡੇਟ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਕੰਮ ਨੂੰ ਪੂਰਾ ਕਰਨ ਲਈ 20 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਸੀ। ਦੱਸ ਦੇਈਏ ਕਿ ਦਸੰਬਰ 2023 ਵਿਚ ਸੁਪਰੀਮ ਕੋਰਟ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 30 ਸਤੰਬਰ 2024 ਤੱਕ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਸੀ ਕਿ ਜੰਮੂ ਕਸ਼ਮੀਰ ਨੂੰ ਜਲਦ ਹੀ ਰਾਜ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ।