ਡਾ. ਓਬਰਾਏ ਦੇ ਯਤਨਾਂ ਸਦਕਾ ਅਜਨਾਲਾ ਦੇ ਨੌਜਵਾਨ ਦੀ ਮ੍ਰਿਤਕ ਦੇਹ 40 ਦਿਨਾਂ ਬਾਅਦ ਦੁਬਈ ਤੋਂ ਹਵਾਈ ਅੱਡਾ ਰਾਜਾਸਾਂਸੀ ਪੁੱਜੀ
ਰਾਜਾਸਾਂਸੀ, 9 ਸਤੰਬਰ (ਹਰਦੀਪ ਸਿੰਘ ਖੀਵਾ)-ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸਰਹੱਦੀ ਹਲਕਾ ਅਜਨਾਲਾ ਨਾਲ ਸੰਬੰਧਿਤ ਪਿੰਡ ਮੱਦੂਛਾਂਗਾ ਦੇ 29 ਸਾਲਾ ਬਿਕਰਮਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਾ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੁਝ ਸਮਾਂ ਪਹਿਲਾਂ ਹੀ ਕਰਜ਼ਾ ਚੁੱਕ ਕੇ ਆਪਣੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ, ਜਿਸ ਦੀ ਬੀਤੀ 1 ਅਗਸਤ ਨੂੰ ਅਚਾਨਕ ਮੌਤ ਹੋ ਗਈ ਸੀ। ਡਾ. ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸੰਬੰਧੀ ਉਨ੍ਹਾਂ ਨੂੰ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਇਸ ਕੇਸ ਦੀ ਪੈਰਵੀ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਬਿਕਰਮਜੀਤ ਦੇ ਕੰਮ ਵਾਲੀ ਕੰਪਨੀ ਉਸਦੀ ਮ੍ਰਿਤਕ ਦੇਹ ਭਾਰਤ ਭੇਜਣ ਤੋਂ ਇਨਕਾਰੀ ਹੋ ਗਈ ਹੈ, ਜਿਸ ਉਤੇ ਉਨ੍ਹਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਉਸੇ ਹੀ ਕੰਪਨੀ ਦੇ ਖਰਚ 'ਤੇ ਅੱਜ ਬਿਕਰਮਜੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਉਸਦੇ ਵਾਰਸਾਂ ਤੱਕ ਪਹੁੰਚਾਇਆ ਹੈ।