ਦਾਣਾ ਮੰਡੀ ਕਪੂਰਥਲਾ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
ਕਪੂਰਥਲਾ, 7 ਅਕਤੂਬਰ (ਅਮਰਜੀਤ ਕੋਮਲ)-ਦਾਣਾ ਮੰਡੀ ਕਪੂਰਥਲਾ ਵਿਚ ਸ਼ਾਮ 6 ਵਜੇ ਦੇ ਕਰੀਬ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਸਰਕਾਰੀ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਪੰਜਾਬ ਸਰਕਾਰ ਦੀ ਖ਼ਰੀਦ ਏਜੰਸੀ ਪਨਸਪ ਨੇ ਪਿੰਡ ਬਰਿੰਦਪੁਰ ਦੇ ਕਿਸਾਨ ਸੁਰਜੀਤ ਸਿੰਘ ਤੇ ਕੁਲਬੀਰ ਸਿੰਘ ਦੀਆਂ ਦੋ ਝੋਨੇ ਦੀਆਂ ਢੇਰੀਆਂ ਖ਼ਰੀਦੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 10 ਦੇ ਕਰੀਬ ਮੰਡੀਆਂ ਵਿਚ ਝੋਨੇ ਦੀ ਆਮਦ ਹੋਈ ਹੈ ਤੇ ਪ੍ਰਸ਼ਾਸਨ ਨੇ ਇਨ੍ਹਾਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾ ਦਿੱਤੀ ਹੈ। ਉਨ੍ਹਾਂ ਮੰਡੀ ਬੋਰਡ, ਖ਼ੁਰਾਕ ਤੇ ਸਿਵਲ ਸਪਲਾਈ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਮਾਪਦੰਡਾਂ ਅਨੁਸਾਰ ਮੰਡੀਆਂ ਵਿਚੋਂ ਝੋਨੇ ਦੀ ਖ਼ਰੀਦ ਕਰਨ। ਉਨ੍ਹਾਂ ਕਿਸਾਨਾਂ ਨੂੰ ਮੰਡੀ ਵਿਚ ਝੋਨਾ ਸੁਕਾ ਕੇ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਝੋਨਾ ਵੇਚਣ ਲਈ ਕੋਈ ਮੁਸ਼ਕਲ ਨਾ ਆਵੇ।ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸੰਯੋਗਤਾ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਤੇ ਮੰਡੀ ਦੇ ਵੱਡੀ ਗਿਣਤੀ ਵਿਚ ਆੜ੍ਹਤੀਏ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।