ਸਿਵਲ ਹਸਪਤਾਲ 'ਚ ਇਕ ਦਰਜਨ ਤੋਂ ਵੱਧ ਹਮਲਾਵਰਾਂ ਵਲੋਂ 2 ਨੌਜਵਾਨਾਂ 'ਤੇ ਹਮਲਾ
ਕਪੂਰਥਲਾ, 17 ਜੁਲਾਈ (ਅਮਨਜੋਤ ਸਿੰਘ ਵਾਲੀਆ)-ਸਿਵਲ ਹਸਪਤਾਲ ਕਪੂਰਥਲਾ ਦੇ ਸਰਜੀਕਲ ਵਾਰਡ ਵਿਚ ਦਾਖਲ ਇਕ ਮਰੀਜ਼ ਉਤੇ ਇਕ ਦਰਜਨ ਤੋਂ ਵੱਧ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਸਦਾ ਪਤਾ ਲੈਣ ਆਇਆ ਇਕ ਹੋਰ ਨੌਜਵਾਨ ਵੀ ਇਸ ਹਮਲੇ ਵਿਚ ਜ਼ਖਮੀ ਹੋ ਗਿਆ। ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਰਜਤ ਕੁਮਾਰ ਪੁੱਤਰ ਚਰਨ ਸਿੰਘ ਵਾਸੀ ਪਾੜਾ ਪਿੰਡ ਨੇ ਦੱਸਿਆ ਕਿ ਬੀਤੇ ਦਿਨ ਹੋਈ ਲੜਾਈ ਦੌਰਾਨ ਉਹ ਜ਼ਖਮੀ ਹੋ ਗਿਆ ਸੀ, ਜਿਸ ਦਾ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਤਾਂ ਅੱਜ ਦੁਪਹਿਰ 3 ਵਜੇ ਦੇ ਕਰੀਬ ਇਕ ਦਰਜਨ ਤੋਂ ਵੱਧ ਹਮਲਾਵਰਾਂ ਨੇ ਸਰਜੀਕਲ ਵਾਰਡ ਵਿਚ ਤੇਜ਼ਧਾਰ ਹਥਿਆਰਾਂ ਨਾਲ ਉਸ ਉਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਦਾ ਪਤਾ ਲੈਣ ਆਏ ਉਸਦੇ ਇਕ ਸਾਥੀ ਮੰਗਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਨੂਰਪੁਰ ਜਨੋਹਾ ਉਤੇ ਵੀ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਉਹ ਜਾਨ ਬਚਾਉਣ ਲਈ ਇਧਰ-ਉਧਰ ਭੱਜੇ ਪਰ ਕਿਸੇ ਨੇ ਵੀ ਉਨ੍ਹਾਂ ਨੂੰ ਹਮਲਾਵਰਾਂ ਤੋਂ ਨਹੀਂ ਬਚਾਇਆ। ਹਮਲਾਵਰਾਂ ਨੇ ਉਨ੍ਹਾਂ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ। ਦੋਵਾਂ ਜ਼ਖਮੀਆਂ ਦਾ ਸਿਵਲ ਹਸਪਤਾਲ ਕਪੂਰਥਲਾ ਵਿਚ ਇਲਾਜ ਚੱਲ ਰਿਹਾ ਹੈ । ਇਸ ਬਾਰੇ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।