ਗੁਰੂ ਕੀ ਢਾਬ ਦੇ ਸਾਲਾਨਾ ਜੋੜ ਮੇਲੇ 'ਤੇ ਸਜਾਇਆ ਵਿਸ਼ਾਲ ਨਗਰ ਕੀਰਤਨ
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਹਰ ਸਾਲ ਲੱਗਣ ਵਾਲਾ ਇਤਿਹਾਸਕ ਮੇਲਾ ‘ਮਾਲਵੇ ਖੇਤਰ ਦੇ ਦੂਜੇ ਮੇਲਿਆਂ’ ਵਿਚੋਂ ਆਪਣਾ ਅਹਿਮ ਸਥਾਨ ਰੱਖਦਾ ਹੈ। ਇਤਿਹਾਸਕ ਸਾਲਾਨਾ ਜੋੜ ਮੇਲ ਦੇ ਸੰਬੰਧ ਵਿਚ ਅੱਜ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਜਸਵਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕੀਤੀ। ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹ ਪ੍ਰਧਾਨ ਮਨਤਾਰ ਸਿੰਘ ਬਰਾੜ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ।