ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਨੇ ਲਾਇਆ ਖਜ਼ਾਨੇ ਨੂੰ ਖੋਰਾ - ਅਰਵਿੰਦ ਖੰਨਾ
ਸੰਗਰੂਰ, 9 ਸਤੰਬਰ (ਧੀਰਜ ਪਸ਼ੋਰੀਆ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਸੂਬੇ ਦੇ ਖਜ਼ਾਨੇ ਨੂੰ ਖੋਰਾ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਲੋਂ ਸੂਬਾ ਸਰਕਾਰ ਦੇ ਚਾਰਟਰਡ ਜਹਾਜ਼ਾਂ ਉਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਝੂਟੇ ਦਿਵਾਉਣ ਅਤੇ ਹੋਰ ਸੂਬਿਆਂ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਚੱਕਰ ਲਾਉਣ ਕਾਰਨ ਹੀ ਪੰਜਾਬ ਦਾ ਖਜ਼ਾਨਾ ਬਰਬਾਦ ਹੋਇਆ ਹੈ। ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਸੂਬੇ ਲਈ ਕਰਜ਼ ਦੀ ਸਮਰੱਥਾ ਵਧਾਉਣ ਲਈ ਲਿਖਿਆ ਪੱਤਰ ਪੰਜਾਬ ਦੀ ਦੇਸ਼ ਭਰ ਵਿਚ ਬਦਨਾਮੀ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇਹ ਬਦਕਿਸਮਤੀ ਹੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਆਕਾ ਨੂੰ ਖੁਸ਼ ਕਰਨ ਲਈ ਪੰਜਾਬ ਦਾ ਪੈਸਾ ਪਾਣੀ ਵਾਂਗ ਵਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਹੈ।