ਜਲੰਧਰ ਪੁਲਿਸ ਵਲੋਂ ਨਸ਼ਾ ਤਸਕਰਾਂ ਦੀ 1.34 ਕਰੋੜ ਰੁਪਏ ਦੀ ਜਾਇਦਾਦ ਜ਼ਬਤ
ਜਲੰਧਰ, 18 ਜੁਲਾਈ-ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਡਰੱਗ ਮਨੀ ਤੋਂ ਖਰੀਦੀ ਗਈ ਕਰੀਬ 1.34 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 17 ਮੁਲਜ਼ਮਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 1 ਜਲੰਧਰ ਵਿਚ ਐਫ.ਆਈ.ਆਰ. 57 ਮਿਤੀ 27-04-2024 ਅਧੀਨ 21ਸੀ-29-61-85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੀ ਗਈ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਕੋਲੋਂ 48.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਅਤੇ ਹੁਣ ਪੁਲਿਸ ਨੇ ਇਨ੍ਹਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਡਰੱਗ ਮਨੀ ਸਮੇਤ ਕੁੱਲ 1.34 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਜਾ ਰਹੀ ਹੈ।