ਪ੍ਰਧਾਨ ਮੰਤਰੀ ਵਲੋਂ ਲਗਾਏ ਗਏ ਦੋਸ਼ਾਂ ਦਾ ਜਵਾਬ ਦੇਣ ਲਈ ਮੁੰਬਈ ਵਿਚ ਪ੍ਰੈਸ ਕਾਨਫ਼ਰੰਸ ਕਰਨਗੇ ਰਾਹੁਲ ਗਾਂਧੀ
ਮੁੰਬਈ, 9 ਨਵੰਬਰ- ਮਹਾਰਾਸ਼ਟਰ ਚੋਣ ਪ੍ਰਚਾਰ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਮੁੰਬਈ ਵਿਚ ਪ੍ਰੈਸ ਕਾਨਫ਼ਰੰਸ ਕਰਨਗੇ। ਸਵੇਰੇ 11 ਵਜੇ ਹੋਣ ਵਾਲੀ ਇਸ ਪ੍ਰੈਸ ਕਾਨਫ਼ਰੰਸ ਵਿਚ ਰਾਹੁਲ ਗਾਂਧੀ ਤੋਂ ਇਲਾਵਾ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਮੌਜੂਦ ਰਹਿਣਗੇ। ਇਨ੍ਹਾਂ ਤੋਂ ਇਲਾਵਾ ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੂੰ ਵੀ ਪ੍ਰੈਸ ਕਾਨਫ਼ਰੰਸ ਵਿਚ ਬੁਲਾਇਆ ਗਿਆ ਹੈ। ਰਾਹੁਲ ਗਾਂਧੀ 1 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਦੁਆਰਾ ਲਗਾਏ ਗਏ ਦੋਸ਼ਾਂ ਦਾ ਜਵਾਬ ਦੇਣਗੇ। ਦੱਸ ਦੇਈਏ ਕਿ ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਲਿਖਿਆ ਸੀ ਕਿ ਕਾਂਗਰਸ ਹੁਣ ਸਮਝ ਰਹੀ ਹੈ ਕਿ ਝੂਠੇ ਵਾਅਦੇ ਕਰਨਾ ਆਸਾਨ ਹੈ, ਪਰ ਉਨ੍ਹਾਂ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਮੁਸ਼ਕਿਲ ਜਾਂ ਅਸੰਭਵ ਹੈ। ਹਿਮਾਚਲ ਪ੍ਰਦੇਸ਼, ਕਰਨਾਟਕ ਅਤੇ ਤੇਲੰਗਾਨਾ ਵਿਚ ਵਿਕਾਸ ਦੀ ਰਫ਼ਤਾਰ ਅਤੇ ਵਿੱਤੀ ਸਿਹਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਪ੍ਰਧਾਨ ਮੰਤਰੀ ਦੇ ਇਨ੍ਹਾਂ ਦੋਸ਼ਾਂ ਦਾ ਜਵਾਬ ਦੇਣ ਲਈ ਤਿੰਨਾਂ ਰਾਜਾਂ ਦੇ ਕਾਂਗਰਸੀ ਆਗੂਆਂ ਨੂੰ ਵੀ ਮੁੰਬਈ ਬੁਲਾਇਆ ਗਿਆ ਸੀ। ਮਹਾਰਾਸ਼ਟਰ ਵਿਚ ਕਾਂਗਰਸ ਵਿਰੋਧੀ ਗਠਜੋੜ ਮਹਾਵਿਕਾਸ ਅਘਾੜੀ ਵਿਚ ਸ਼ਾਮਿਲ ਹੈ।