
ਨਵੀਂ ਦਿੱਲੀ, 16 ਜਨਵਰੀ- ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਚੋਣ ਪ੍ਰਚਾਰ ਵਿਚ ਜ਼ਿੰਮੇਵਾਰੀ ਅਤੇ ਪਾਰਦਰਸ਼ਤਾ ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਸੰਬੰਧੀ, ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸਲਾਹ ਜਾਰੀ ਕੀਤੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਜੇਕਰ ਕੋਈ ਰਾਜਨੀਤਿਕ ਪਾਰਟੀ ਜਾਂ ਉਮੀਦਵਾਰ ਏ.ਆਈ. ਰਾਹੀਂ ਕਿਸੇ ਫੋਟੋ, ਵੀਡੀਓ ਜਾਂ ਕਿਸੇ ਹੋਰ ਸਮੱਗਰੀ ਦੀ ਵਰਤੋਂ ਕਰਦੇ ਹਨ, ਤਾਂ ਇਸ ਦੇ ਸਰੋਤ ਦੀ ਜਾਣਕਾਰੀ ਦਾ ਖੁਲਾਸਾ ਕੀਤਾ ਜਾਣਾ ਚਾਹੀਦਾ ਹੈ। ਕਮਿਸ਼ਨ ਨੇ ਕਿਹਾ ਕਿ ਜੇਕਰ ਰਾਜਨੀਤਿਕ ਪਾਰਟੀਆਂ ਆਪਣੇ ਇਸ਼ਤਿਹਾਰਾਂ ਅਤੇ ਪ੍ਰਚਾਰ ਸਮੱਗਰੀ ਵਿਚ ਸਿੰਥੈਟਿਕ ਸਮੱਗਰੀ ਦੀ ਵਰਤੋਂ ਕਰਦੀਆਂ ਹਨ, ਤਾਂ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਦੇਣੀ ਹੋਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਚੋਣਾਂ ਵਿਚ ਏ.ਆਈ. ਦੀ ਦੁਰਵਰਤੋਂ ’ਤੇ ਲਗਾਤਾਰ ਚਿੰਤਾ ਪ੍ਰਗਟ ਕਰਦੇ ਆ ਰਹੇ ਹਨ। 7 ਜਨਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਕਰਦੇ ਹੋਏ, ਉਨ੍ਹਾਂ ਕਿਹਾ ਸੀ ਕਿ ਪ੍ਰਸ਼ਾਸਨ ਨੂੰ ਗਲਤ ਜਾਣਕਾਰੀ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਚੌਕਸ ਰਹਿਣਾ ਹੋਵੇਗਾ। ਨਾਲ ਹੀ, ਅਜਿਹੀ ਜਾਣਕਾਰੀ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨੀ ਪਵੇਗੀ।