
ਕਪੂਰਥਲਾ, 23 ਜਨਵਰੀ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਕਪੂਰਥਲਾ ਵਿਚ ਦੇਰ ਰਾਤ 11:30 ਵਜੇ ਦੇ ਕਰੀਬ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਦੋਂ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ ’ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਸਿਵਲ ਹਸਪਤਾਲ ਵਿਚ ਕੋਈ ਵੀ ਸੁਰੱਖਿਆ ਗਾਰਡ ਨਾ ਹੋਣ ਕਾਰਨ ਇਸ ਹਮਲੇ ਦੌਰਾਨ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਤੇ ਦਾਖਲ ਮਰੀਜ਼ਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਸੋਹਣ ਪੁੱਤਰ ਰਾਜ ਕੁਮਾਰ ਵਾਸੀ ਕਾਲਾ ਸੰਘਿਆ ਫਾਟਕ ਵਜੋਂ ਹੋਈ ਹੈ। ਜ਼ਖਮੀ ਨੌਜਵਾਨ ਦੇ ਭਰਾ ਵਿੱਕੀ ਨੇ ਦੱਸਿਆ ਕਿ ਕਾਲਾ ਸੰਘਿਆ ਫਾਟਕ ਵਿਖੇ ਕਿਸੇ ਗੱਲ ਨੂੰ ਲੈ ਕੇ ਸ਼ੇਖੂਪੁਰ ਦੇ ਨੌਜਵਾਨਾਂ ਨਾਲ ਲੜਾਈ ਹੋਈ ਸੀ, ਜਿਸ ਤੋਂ ਬਾਅਦ ਉਹ ਆਪਣੇ ਭਰਾ ਦੀ ਦਵਾਈ ਲੈਣ ਦੇਰ ਰਾਤ ਸਿਵਲ ਹਸਪਤਾਲ ਕਪੂਰਥਲਾ ਆਏ ਸਨ, ਜਿਸ ਦੀ ਸੂਚਨਾ ਹਮਲਾਵਰਾਂ ਨੂੰ ਮਿਲਣ ’ਤੇ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਐਮਰਜੈਂਸੀ ਵਾਰਡ ਦੇ ਬਾਹਰ ਆ ਕੇ ਉਸ ਤੇ ਬੇ-ਰਹਿਮੀ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦਾ ਭਰਾ ਬੁਰੀ ਤਰ੍ਹਾਂ ਲਹੂ ਲੁਹਾਣ ਹੋ ਗਿਆ। ਡਿਊਟੀ ਡਾਕਟਰ ਅਸ਼ੀਸ਼ ਪਾਲ ਸਿੰਘ ਨੇ ਰੌਲਾ ਸੁਣ ਕੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ’ਤੇ ਪੀ.ਸੀ.ਆਰ. ਦੇ ਏ.ਐਸ.ਆਈ. ਰਣਜੀਤ ਸਿੰਘ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਇਕ ਹਮਲਾਵਰ ਨੂੰ ਕਾਬੂ ਕਰਕੇ ਥਾਣਾ ਸਿਟੀ ਪੁਲਿਸ ਹਵਾਲੇ ਕਰ ਦਿੱਤਾ ਹੈ। ਡਿਊਟੀ ਡਾਕਟਰ ਵਲੋਂ ਜ਼ਖਮੀ ਨੌਜਵਾਨ ਦਾ ਇਲਾਜ ਸ਼ੁਰੂ ਕਰਕੇ ਉਸ ਦੀ ਐਮ.ਐਲ.ਆਰ. ਕੱਟ ਕੇ ਥਾਣਾ ਸਿਟੀ ਪੁਲਿਸ ਨੂੰ ਭੇਜ ਦਿੱਤੀ ਗਈ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।