ਵਿਧਾਇਕਾ ਭਰਾਜ ਨੇ ਏ.ਜੀ. ਆਫਿਸ 'ਚ ਐਸ.ਸੀ. ਭਾਈਚਾਰੇ ਦੇ ਵਕੀਲਾਂ ਦੀ ਭਰਤੀ ਲਈ ਸਰਕਾਰ ਦਾ ਕੀਤਾ ਧੰਨਵਾਦ

ਸੰਗਰੂਰ, 17 ਅਪ੍ਰੈਲ (ਧੀਰਜ ਪਸ਼ੋਰੀਆ)-ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਐਡਵੋਕੇਟ ਜਨਰਲ ਆਫਿਸ ਦੀਆਂ ਖਾਲੀ ਪਈਆਂ ਪੋਸਟਾਂ ਨੂੰ ਭਰਨ ਲਈ ਐਸ.ਸੀ. ਭਾਈਚਾਰੇ ਨਾਲ ਜੁੜੇ ਪੜ੍ਹੇ-ਲਿਖੇ ਨੌਜਵਾਨ ਵਕੀਲਾਂ ਲਈ ਲਾਗੂ ਆਮਦਨ ਯੋਗਤਾ ਸ਼ਰਤਾਂ ਨੂੰ ਘਟਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਵੱਡਾ ਇਤਿਹਾਸਕ ਫੈਸਲਾ ਲੈਂਦੇ ਹੋਏ ਇਨ੍ਹਾਂ ਭਰਤੀਆਂ ਲਈ ਐਸ.ਸੀ. ਪਰਿਵਾਰਾਂ ਦੀ ਆਮਦਨ ਸਬੰਧੀ ਸ਼ਰਤ ਵਿਚ 50 ਫੀਸਦੀ ਕਟੌਤੀ ਕਰਕੇ ਇਨ੍ਹਾਂ ਪਰਿਵਾਰਾਂ ਨਾਲ ਸੰਬੰਧਿਤ ਵਕੀਲਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ।
ਭਰਾਜ ਨੇ ਕਿਹਾ ਕਿ ਐਡੀਸ਼ਨਲ ਐਡਵੋਕੇਟ ਜਨਰਲ, ਸੀਨੀਅਰ ਐਡਵੋਕੇਟ ਜਨਰਲ, ਸੀਨੀਅਰ ਡਿਪਟੀ ਐਡਵੋਕੇਟ ਜਨਰਲ ਅਤੇ ਅਸਿਸਟੈਂਟ ਐਡਵੋਕੇਟ ਜਨਰਲ ਦੀ ਅਸਾਮੀ ਲਈ ਪਰਿਵਾਰ ਦੀ ਸਾਲਾਨਾ ਆਮਦਨ ਸਬੰਧੀ ਸ਼ਰਤ ਨੂੰ ਘਟਾਉਣ ਨਾਲ ਪੰਜਾਬ ਦੀ ਮਾਨ ਸਰਕਾਰ ਨੇ ਸਾਬਤ ਕਰ ਦਿਖਾਇਆ ਹੈ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਸਿਧਾਂਤਾਂ ਨੂੰ ਅਮਲ ਵਿਚ ਲਿਆਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।