ਸੁਪਰੀਮ ਕੋਰਟ ਨੇ ਪਹਿਲਗਾਮ ਹਮਲੇ ਦੀ ਨਿਆਂਇਕ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਕੀਤੀ ਰੱਦ

ਨਵੀਂ ਦਿੱਲੀ, 1 ਮਈ- ਸੁਪਰੀਮ ਕੋਰਟ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿਆਂਇਕ ਜਾਂਚ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅੱਤਵਾਦੀਆਂ ਨੇ ਇਸ ਹਮਲੇ ਵਿਚ 26 ਲੋਕਾਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਜਨਹਿੱਤ ਪਟੀਸ਼ਨ ਦਾਇਰ ਕਰਨ ਵਾਲੇ ਪਟੀਸ਼ਨਕਰਤਾਵਾਂ ਨੂੰ ਫਟਕਾਰ ਲਗਾਈ ਅਤੇ ਕਿਹਾ ਕਿ ਜੱਜ ਅੱਤਵਾਦ ਦੇ ਮਾਮਲਿਆਂ ਦੀ ਜਾਂਚ ਕਰਨ ਦੇ ਮਾਹਰ ਨਹੀਂ ਹਨ। ਇਸ ਮਹੱਤਵਪੂਰਨ ਸਮੇਂ ਵਿਚ, ਦੇਸ਼ ਦੇ ਹਰ ਨਾਗਰਿਕ ਨੇ ਅੱਤਵਾਦ ਨਾਲ ਲੜਨ ਲਈ ਹੱਥ ਮਿਲਾਇਆ ਹੈ। ਅਦਾਲਤ ਨੇ ਪੁੱਛਿਆ ਕਿ ਕੀ ਉਹ ਸੁਰੱਖਿਆ ਬਲਾਂ ਦਾ ਮਨੋਬਲ ਡੇਗਣਾ ਚਾਹੁੰਦੇ ਹਨ। ਅਦਾਲਤ ਨੇ ਉਨ੍ਹਾਂ ਨੂੰ ਅਜਿਹੇ ਮੁੱਦਿਆਂ ਨੂੰ ਨਿਆਂਇਕ ਖੇਤਰ ਵਿਚ ਨਾ ਲਿਆਉਣ ਲਈ ਕਿਹਾ ਹੈ। ਜਸਟਿਸ ਸੂਰਿਆ ਕਾਂਤ ਅਤੇ ਐਨ. ਕੋਟੀਸ਼ਵਰ ਸਿੰਘ ਦੇ ਬੈਂਚ ਨੇ ਉਨ੍ਹਾਂ ਪਟੀਸ਼ਨਰਾਂ ਦੀ ਸਖ਼ਤ ਆਲੋਚਨਾ ਕੀਤੀ, ਜਿਨ੍ਹਾਂ ਨੇ ਪਹਿਲਗਾਮ ਹਮਲੇ ਦੀ ਜਾਂਚ ਦੀ ਨਿਗਰਾਨੀ ਲਈ ਇਕ ਸੇਵਾਮੁਕਤ ਜੱਜ ਦੀ ਮੰਗ ਕੀਤੀ ਸੀ। ਅਦਾਲਤ ਨੇ ਪਟੀਸ਼ਨਕਰਤਾ ਫਤਿਹ ਕੁਮਾਰ ਸਾਹੂ ਅਤੇ ਹੋਰਾਂ ਨੂੰ ਜਨਹਿੱਤ ਪਟੀਸ਼ਨ ਵਾਪਸ ਲੈਣ ਲਈ ਕਿਹਾ। ਸੁਪਰੀਮ ਕੋਰਟ ਨੇ ਪਟੀਸ਼ਨਕਰਤਾਵਾਂ ਨੂੰ ਕਿਹਾ ਕਿ ਉਹ ਮੁੱਦੇ ਦੀ ਸੰਵੇਦਨਸ਼ੀਲਤਾ ਨੂੰ ਸਮਝਣ ਅਤੇ ਅਦਾਲਤ ਵਿਚ ਅਜਿਹੀ ਕੋਈ ਅਪੀਲ ਨਾ ਕਰਨ, ਜਿਸ ਨਾਲ ਸੁਰੱਖਿਆ ਬਲਾਂ ਦਾ ਮਨੋਬਲ ਡਿੱਗੇ।