ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ

ਚੰਡੀਗੜ੍ਹ, 1 ਮਈ-ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਵਿਧਾਇਕਾਂ ਦੀ ਅਹਿਮ ਮੀਟਿੰਗ ਹੋਈ I ਮੀਟਿੰਗ ਉਪਰੰਤ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ ਅਤੇ ਕੱਲ੍ਹ 2 ਮਈ ਨੂੰ ਸਵੇਰੇ 10 ਵਜੇ ਆਲ ਪਾਰਟੀ ਮੀਟਿੰਗ ਹੋਵੇਗੀ I ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਪੰਜਾਬ ਦੇ ਪਾਣੀਆਂ ਉਤੇ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ ਅਤੇ ਇਸ ਲਈ ਸੰਵਿਧਾਨਿਕ ਤੇ ਕਾਨੂੰਨੀ ਲੜਾਈ ਲੜੀ ਜਾਵੇਗੀ। ਮੀਟਿੰਗ ਵਿਚ ਕੇਂਦਰ ਵਲੋਂ ਪੰਜਾਬ ਤੋਂ ਪਾਣੀ ਖੋਹਣ ਦੇ ਮੁੱਦੇ 'ਤੇ ਚਰਚਾ ਕੀਤੀ ਜਾਵੇਗੀ। ਬੀ.ਬੀ.ਐਮ.ਬੀ. ਦੀ ਦੁਰਵਰਤੋਂ ਅਤੇ ਹਰਿਆਣਾ ਨੂੰ ਗੈਰ-ਕਾਨੂੰਨੀ ਪਾਣੀ ਮੁਹੱਈਆ ਕਰਵਾਉਣ 'ਤੇ ਸਵਾਲ ਉਠਾਏ ਜਾਣਗੇ। ਪਾਣੀ ਦੇ ਮੁੱਦੇ 'ਤੇ ਇਕ ਵਿਸ਼ੇਸ਼ ਸੈਸ਼ਨ ਵਿਚ ਇਕ ਪ੍ਰਸਤਾਵ ਲਿਆਂਦਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਹੱਕਾਂ ਦੀ ਲੜਾਈ ਵਿਚ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।