ਪਾਣੀਆਂ ਦੇ ਮੁੱਦੇ ’ਤੇ ਸਾਰੀਆਂ ਪਾਰਟੀਆਂ ਹਨ ਇਕਜੁੱਟ- ਮੁੱਖ ਮੰਤਰੀ

ਚੰਡੀਗੜ੍ਹ, 2 ਮਈ (ਦਵਿੰਦਰ)- ਅੱਜ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਸਰਬ ਪਾਰਟੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਮੁੱਦੇ ’ਤੇ ਸਾਰੀਆਂ ਪਾਰਟੀਆਂ ਇਕਜੁੱਟ ਹਨ ਤੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਅਸੀਂ ਪੰਜਾਬ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਪਾਣੀ ਪੰਜਾਬ ਦੀ ਜੀਵਨ ਰੇਖਾ ਹੈ ਤੇ ਅਸੀਂ ਮਾਨਵਤਾ ਦੇ ਆਧਾਰ ’ਤੇ ਹਰਿਆਣਾ ਨੂੰ ਪਾਣੀ ਦੇ ਰਹੇ ਹਾਂ ਤੇ ਸਾਰੀਆਂ ਪਾਰਟੀਆਂ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪਾਣੀ ਰੋਕ ਨਹੀਂ ਸਕਦੇ ਤਾਂ ਕੇਂਦਰ ਧੱਕੇ ਨਾਲ ਸਾਡੇ ਕੋਲੋਂ ਪਾਣੀ ਨਹੀਂ ਲੈ ਸਕਦਾ। ਇਸ ਮੌਕੇ ਬੋਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਮੁੱਦਾ ਪਾਰਟੀਆਂ ਦਾ ਨਹੀਂ ਬਲਕਿ ਪੰਜਾਬ ਦਾ ਮੁੱਦਾ ਹੈ ਤੇ ਪੰਜਾਬ ਦੇ ਮੁੱਦੇ ’ਤੇ ਸਾਡਾ ਕੋਈ ਮਤਭੇਦ ਨਹੀਂ ਹੈ ਤੇ ਅਸੀਂ ਸਾਰੇ ਇਕਜੁੱਟ ਹਾਂ। ਉਨ੍ਹਾਂ ਅੱਗੇ ਕਿਹਾ ਕਿ ਪਾਣੀ ਕਿਸੇ ਪਾਰਟੀ ਦਾ ਨਹੀਂ ਸਗੋਂ ਪੰਜਾਬ ਦੇ ਭਵਿੱਖ ਦਾ ਮਸਲਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬੀ ਕਦੇ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਸਿਆਸਤ ਤੋਂ ਦੂਰ ਪੰਜਾਬ ਦੀ ਬਿਹਤਰੀ ਲਈ ਇਕੱਠੇ ਹੋਏ ਹਾਂ। ਇਸ ਦੌਰਾਨ ਸੁਨੀਲ ਜਾਖੜ ਨੇ ਭਰੋਸਾ ਦਿੱਤਾ ਕਿ ਉਹ ਸਾਰੀ ਗੱਲ ਕੇਂਦਰ ਤੱਕ ਪਹੁੰਚਾਉਣਗੇ। ਉਨ੍ਹਾਂ ਇਸ ਮੀਟਿੰਗ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।