ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਉੱਚੀਆਂ ਇਮਾਰਤਾਂ ਦੀ ਉਸਾਰੀ ਸਬੰਧੀ ਡੀ.ਸੀ. ਤੋਂ ਵਿਸਥਾਰਤ ਰਿਪੋਰਟ ਮੰਗੀ
ਅੰਮ੍ਰਿਤਸਰ, 2 ਮਈ (ਸਟਾਫ ਰਿਪੋਰਟਰ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਖ਼ਬਾਰ ਵਿਚ ਪ੍ਰਕਾਸ਼ਿਤ ਇਕ ਖ਼ਬਰ 'ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤੋਂ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬਣੀਆਂ/ਨਿਰਮਾਣ ਕੀਤੀਆਂ ਜਾ ਰਹੀਆਂ ਉੱਚੀਆਂ ਇਮਾਰਤਾਂ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ। ਜਾਣਕਾਰੀ ਅਨੁਸਾਰ ਇਸ ਸਬੰਧ ਵਿਚ, ਉਨ੍ਹਾਂ ਨੇ ਡੀ.ਸੀ. ਅੰਮ੍ਰਿਤਸਰ ਨੂੰ ਤੱਥਾਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਅਤੇ ਮੌਜੂਦਾ ਸਥਿਤੀ ਬਾਰੇ ਦੱਸਣ ਲਈ ਕਿਹਾ। ਉਨ੍ਹਾਂ ਡੀ.ਸੀ. ਅੰਮ੍ਰਿਤਸਰ ਨੂੰ ਇਹ ਵੀ ਦੱਸਣ ਲਈ ਕਿਹਾ ਕਿ ਇਹ ਉਸਾਰੀਆਂ ਕਿਹੜੇ ਨਿਯਮਾਂ ਅਧੀਨ ਕੀਤੀਆਂ ਜਾ ਰਹੀਆਂ ਹਨ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇੜੇ ਅਜਿਹੀਆਂ ਉੱਚੀਆਂ ਇਮਾਰਤਾਂ ਦੀ ਉਸਾਰੀ ਲਈ ਕਿਸ ਅਥਾਰਟੀ ਨੇ ਇਜਾਜ਼ਤ ਦਿੱਤੀ ਹੈ।