ਜਲੰਧਰ ਵਿਚ ਕੱਢਿਆ ਗਿਆ ਫਲੈਗ ਮਾਰਚ

ਜਲੰਧਰ, 6 ਮਈ-ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧ ਗਿਆ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਸੁਰੱਖਿਆ ਤਿਆਰੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਕੱਲ੍ਹ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਨੂੰ ਸਿਵਲ ਡਿਫੈਂਸ ਲਈ ਤਿਆਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਅਜਿਹੀ ਸਥਿਤੀ ਵਿਚ 7 ਮਈ ਨੂੰ ਇਕ ਮੌਕ ਡਰਿੱਲ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਹਵਾਈ ਹਮਲੇ ਦੀ ਚਿਤਾਵਨੀ ਦੇਣ ਵਾਲਾ ਸਾਇਰਨ ਵੀ ਵਜਾਇਆ ਜਾਵੇਗਾ। ਇਸ ਸਬੰਧ ਵਿਚ ਅੱਜ ਜਲੰਧਰ ਛਾਉਣੀ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਸੁਨੀਲ ਸੋਲ ਅਤੇ ਸੀ.ਈ.ਓ. ਓਮਪਾਲ ਸਿੰਘ ਨੇ ਆਪਣੀ ਟੀਮ ਸਮੇਤ ਛਾਉਣੀ ਵਿਚ ਫਲੈਗ ਮਾਰਚ ਕੱਢਿਆ। ਇਸ ਮੌਕੇ ਬ੍ਰਿਗੇਡੀਅਰ ਸੁਨੀਲ ਸੋਲ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਛਾਉਣੀ ਖੇਤਰ ਵਿਚ ਸ਼ੱਕੀ ਹਾਲਾਤ ਵਿਚ ਘੁੰਮਦਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਛਾਉਣੀ ਬੋਰਡ ਜਾਂ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ।