ਪਾਣੀ ਦੇ ਮੁੱਦੇ ’ਤੇ ਹਾਈ ਕੋਰਟ ਪੁੱਜੀ ਪੰਜਾਬ ਸਰਕਾਰ

ਚੰਡੀਗੜ੍ਹ, 12 ਮਈ- ਪਾਣੀ ਦੇ ਮੁੱਦੇ ’ਤੇ ਪੰਜਾਬ ਸਰਕਾਰ ਹਰਕਤ ਵਿਚ ਆ ਗਈ ਹੈ। ਪੰਜਾਬ ਸਰਕਾਰ ਨੇ ਅਦਾਲਤ ਵਿਚ ਇਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਤੇ 6 ਮਈ ਦੇ ਹੁਕਮ ਨੂੰ ਗਲਤ ਕਿਹਾ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਬੀ.ਬੀ.ਐਮ.ਬੀ. ਕੇਂਦਰੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਦੇ ਪਾਣੀ ਨੂੰ ਗੈਰ-ਕਾਨੂੰਨੀ ਢੰਗ ਨਾਲ ਖੋਹਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਕਿਹਾ ਕਿ 2 ਮਈ ਦੀ ਮੀਟਿੰਗ ਨੂੰ ‘ਗਲਤ’ ਢੰਗ ਨਾਲ ਰਸਮੀ ਕਹਿ ਕੇ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਮੀਟਿੰਗ ਦਾ ਕੋਈ ਅਧਿਕਾਰਤ ਮਿੰਟ ਨਹੀਂ ਦਿੱਤਾ ਗਿਆ, ਸਿਰਫ਼ ਇਕ ਪ੍ਰੈਸ ਨੋਟ ਭੇਜਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੀ 2 ਮਈ ਦੀ ਮੀਟਿੰਗ ਦੇ ਅਧਿਕਾਰਤ ਮਿੰਟ ਨਹੀਂ ਦਿਖਾ ਸਕੀ ਸਿਰਫ਼ ‘ਚਰਚਾ ਰਿਕਾਰਡ’ ਪੇਸ਼ ਕੀਤਾ ਗਿਆ। ਬੀ.ਬੀ.ਐਮ.ਬੀ. ਨੇ ਬਿਨਾਂ ਕਿਸੇ ਅਧਿਕਾਰ ਦੇ ਹਰਿਆਣਾ ਨੂੰ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ। ਪੰਜਾਬ ਸਰਕਾਰ ਨੇ ਸਵਾਲ ਕੀਤਾ ਕਿ ਜਦੋਂ ਫੈਸਲਾ ਹੀ ਨਹੀਂ ਲਿਆ ਗਿਆ ਤਾਂ ਹੁਕਮ ਕਿਵੇਂ ਲਾਗੂ ਕੀਤਾ ਜਾ ਸਕਦਾ ਹੈ? ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਹੀ ਬੀ.ਬੀ.ਐਮ.ਬੀ. ਆਪਣੇ ਆਪ ਫੈਸਲਾ ਕਿਵੇਂ ਲੈ ਸਕਦਾ ਹੈ, ਇਹ ਗੈਰ-ਕਾਨੂੰਨੀ ਹੈ।