ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਅਹੁਦੇਦਾਰਾਂ ਨਾਲ ਸਿੰਘ ਸਾਹਿਬ ਗੜਗੱਜ ਵਲੋਂ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ ,16 ਜੂਨ (ਜੇ.ਐਸ. ਨਿੱਕੂਵਾਲ )-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਦਸਮੇਸ਼ ਪਾਤਿਸ਼ਾਹ ਸਾਹਿਬੇ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਸਾਲਾ ਗੁਰਗੱਦੀ ਦਿਵਸ ਨੂੰ ਲੈ ਕੇ ਧਰਮ ਪ੍ਰਚਾਰ ਕਮੇਟੀ ਦੇ ਦੁਆਬਾ ਜ਼ੋਨ ਨਾਲ ਸੰਬੰਧਿਤ ਪ੍ਰਚਾਰਕਾਂ-ਕਮ-ਨਿਗਰਾਨ ਦੀ ਇਕ ਵਿਸ਼ੇਸ਼ ਮੀਟਿੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ , ਜਿਸ ਵਿਚ ਸ਼ਤਾਬਦੀ ਸਮਾਗਮਾਂ ਮੌਕੇ ਧਰਮ ਪ੍ਰਚਾਰ ਦੇ ਕੀਤੇ ਜਾਣ ਵਾਲੇ ਸਮਾਗਮਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 350ਵੇਂ ਸਾਲਾ ਸਮਾਗਮਾਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੰਗਤ ਨੂੰ ਗੁਰਮਤਿ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਦੌਰਾਨ ਵੱਧ ਤੋਂ ਵੱਧ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ, ਸਿੱਖ ਰਹਿਤ ਮਰਿਆਦਾ ਅਤੇ ਗੁਰੂ ਸਾਹਿਬਾਨ ਦੇ ਫਲਸਫੇ ਨਾਲ ਜੋੜਿਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੰਗਤ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਤੋਂ ਬਿਨਾਂ ਪ੍ਰਚਾਰਕਾਂ ਤੋਂ ਸੁਝਾਅ ਵੀ ਲਏ ਗਏ ਤਾਂ ਜੋ ਇਸ ਸਾਲ ਨਵੰਬਰ ਮਹੀਨੇ ਵਿਚ ਹੋਣ ਵਾਲੇ ਸਮਾਗਮਾਂ ਵਿਚ ਸੰਗਤਾਂ ਵੱਧ ਤੋਂ ਵੱਧ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਮੂਲੀਅਤ ਕਰੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਡਾਕਟਰ ਦਲਜੀਤ ਸਿੰਘ , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਭਾਈ ਪਰਮਜੀਤ ਸਿੰਘ , ਭਾਈ ਅਮਰਜੀਤ ਸਿੰਘ , ਭਾਈ ਪਰਮਜੀਤ ਸਿੰਘ , ਭਾਈ ਸਰਬਜੀਤ ਸਿੰਘ, ਭਾਈ ਫਰਿਆਦ ਸਿੰਘ , ਭਾਈ ਰਜਿੰਦਰ ਪਾਲ ਸਿੰਘ ਭਾਈ ਰਾਜਪਾਲ ਸਿੰਘ ਅਤੇ ਭਾਈ ਕਪਿਲਦੀਪ ਸਿੰਘ ਆਦਿ ਹਾਜ਼ਰ ਸਨ।