ਹਰਿਆਣਾ ਯੂਨੀਵਰਸਿਟੀ ਦੇ ਪ੍ਰੋਫੈਸਰ ਨੂੰ 'ਆਪ੍ਰੇਸ਼ਨ ਸੰਧੂਰ' 'ਤੇ ਟਿੱਪਣੀ ਕਰਨ ਲਈ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ ,18 ਮਈ - ਅਸ਼ੋਕਾ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਅਲੀ ਖਾਨ ਮਹਿਮੂਦਾਬਾਦ ਨੂੰ 'ਆਪ੍ਰੇਸ਼ਨ ਸੰਧੂਰ' 'ਤੇ ਉਨ੍ਹਾਂ ਦੀਆਂ ਸੋਸ਼ਲ ਮੀਡੀਆ ਟਿੱਪਣੀਆਂ ਦੇ ਸੰਬੰਧ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ । ਡੀ.ਸੀ.ਪੀ. ਕ੍ਰਾਈਮ ਨਰਿੰਦਰ ਸਿੰਘ ਨੇ ਦੱਸਿਆ ਕਿ ਰਾਏ ਪੁਲਿਸ ਸਟੇਸ਼ਨ ਵਿਚ ਮਹਿਮੂਦਾਬਾਦ ਵਿਰੁੱਧ ਦੋ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਕ ਐਫ.ਆਈ.ਆਰ. ਭਾਜਪਾ ਯੁਵਾ ਮੋਰਚਾ ਦੇ ਆਗੂ ਅਤੇ ਜਠੇਰੀ ਪਿੰਡ ਦੇ ਸਰਪੰਚ ਯੋਗੇਸ਼ ਜਠੇਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤੀ ਗਈ ਸੀ, ਜਦੋਂ ਕਿ ਦੂਜੀ ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਨੂ ਭਾਟੀਆ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਹਰਿਆਣਾ ਰਾਜ ਮਹਿਲਾ ਕਮਿਸ਼ਨ (ਐਚ.ਐਸ.ਸੀ.ਡਬਲਯੂ।) ਦੀ ਚੇਅਰਪਰਸਨ ਰੇਨੂ ਭਾਟੀਆ ਨੇ ਮਹਿਮੂਦਾਬਾਦ ਦੀਆਂ ਟਿੱਪਣੀਆਂ ਦਾ ਖੁਦ ਨੋਟਿਸ ਲਿਆ, ਜਿਨ੍ਹਾਂ 'ਤੇ ਭਾਰਤੀ ਹਥਿਆਰਬੰਦ ਸੈਨਾਵਾਂ ਵਿਚ ਔਰਤਾਂ ਪ੍ਰਤੀ ਅਪਮਾਨਜਨਕ ਅਤੇ ਫਿਰਕੂ ਅਸਹਿਮਤੀ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਗਿਆ ਸੀ।