ਸੰਵੇਦਨਸ਼ੀਲ ਫੌਜੀ ਜਾਣਕਾਰੀ ਲੀਕ ਕਰਨ ਦੇ ਦੋਸ਼ ’ਚ 2 ਕਾਬੂ- ਡੀ.ਜੀ.ਪੀ.

ਚੰਡੀਗੜ੍ਹ, 19 ਮਈ- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਕਿਹਾ ਕਿ ਗੁਰਦਾਸਪੁਰ ਪੁਲਿਸ ਨੇ ਸੰਵੇਦਨਸ਼ੀਲ ਫੌਜੀ ਜਾਣਕਾਰੀ ਲੀਕ ਕਰਨ ਵਿਚ ਸ਼ਾਮਿਲ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। 15 ਮਈ ਨੂੰ, ਭਰੋਸੇਯੋਗ ਖੁਫੀਆ ਜਾਣਕਾਰੀ ਤੋਂ ਪਤਾ ਲੱਗਿਆ ਕਿ ਸੁਖਪ੍ਰੀਤ ਸਿੰਘ ਅਤੇ ਕਰਨਬੀਰ ਸਿੰਘ ਆਪ੍ਰੇਸ਼ਨ ਸੰਧੂਰ ਨਾਲ ਸੰਬੰਧਿਤ ਗੁਪਤ ਵੇਰਵੇ, ਜਿਸ ਵਿਚ ਫੌਜ ਦੀਆਂ ਗਤੀਵਿਧੀਆਂ ਅਤੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਵਿਚ ਮੁੱਖ ਰਣਨੀਤਕ ਸਥਾਨ ਸ਼ਾਮਿਲ ਹਨ, ਪਾਕਿਸਤਾਨ ਦੀ ਖੁਫੀਆ ਏਜੰਸੀ, ਆਈ.ਐਸ.ਆਈ. ਨਾਲ ਸਾਂਝੇ ਕਰਨ ਵਿਚ ਲੱਗੇ ਹੋਏ ਸਨ। ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਨੇ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੇ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਨੇ ਖੁਫੀਆ ਜਾਣਕਾਰੀ ਦੀ ਪੁਸ਼ਟੀ ਕੀਤੀ ਹੈ। ਪੁਲਿਸ ਟੀਮ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਮੋਬਾਈਲ ਫੋਨ ਅਤੇ 8 ਜ਼ਿੰਦਾ ਕਾਰਤੂਸ (.30 ਬੋਰ) ਵੀ ਬਰਾਮਦ ਕੀਤੇ ਹਨ। ਮੁੱਢਲੀਆਂ ਖੋਜਾਂ ਤੋਂ ਪਤਾ ਚੱਲਦਾ ਹੈ ਕਿ ਦੋਸ਼ੀ ਆਈ.ਐਸ.ਆਈ. ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿਚ ਸਨ ਅਤੇ ਉਨ੍ਹਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਸਾਰਿਤ ਕੀਤੀ ਸੀ। ਉਨ੍ਹਾਂ ਕਿਹਾ ਕਿ ਐਫ਼.ਆਈ.ਆਰ. ਦੋਰੰਗਲਾ ਪੁਲਿਸ ਸਟੇਸ਼ਨ ਵਿਖੇ ਸਰਕਾਰੀ ਗੁਪਤ ਐਕਟ ਤਹਿਤ ਦਰਜ ਕੀਤੀ ਗਈ ਹੈ।