ਪੰਜਾਬ ਹਰਿਆਣਾ ਪਾਣੀ ਵਿਵਾਦ: ਹਾਈ ਕੋਰਟ ’ਚ ਅੱਜ ਮੁੜ ਹੋਵੇਗੀ ਸੁਣਵਾਈ

ਚੰਡੀਗੜ੍ਹ, 22 ਮਈ- ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੇ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਹੋਵੇਗੀ। ਇਸ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਜਵਾਬ ਦਾਇਰ ਕੀਤਾ ਜਾਵੇਗਾ ਜਦੋਂ ਕਿ ਕੇਂਦਰ ਸਰਕਾਰ, ਹਰਿਆਣਾ ਅਤੇ ਬੀ.ਬੀ.ਐਮ.ਬੀ. ਪਹਿਲਾਂ ਹੀ ਆਪਣੇ ਜਵਾਬ ਦਾਇਰ ਕਰ ਚੁੱਕੇ ਹਨ। ਨਵੇਂ ਕੋਟੇ ਤਹਿਤ ਹਰਿਆਣਾ ਅਤੇ ਰਾਜਸਥਾਨ ਨੂੰ ਪਾਣੀ ਛੱਡਿਆ ਗਿਆ ਹੈ। ਪੰਜਾਬ ਨੂੰ 17 ਹਜ਼ਾਰ, ਹਰਿਆਣਾ ਨੂੰ 10300 ਅਤੇ ਰਾਜਸਥਾਨ ਨੂੰ 12400 ਕਿਊਸਿਕ ਪਾਣੀ ਛੱਡਿਆ ਗਿਆ। ਇਸ ਦੇ ਨਾਲ ਹੀ ਪਾਣੀ ਦੀ ਵੰਡ ਸੰਬੰਧੀ 31 ਮਈ ਨੂੰ ਇਕ ਮੀਟਿੰਗ ਵੀ ਰੱਖੀ ਗਈ ਹੈ। ਦੂਜੇ ਪਾਸੇ, ਕੇਂਦਰ ਸਰਕਾਰ ਨੇ ਭਾਖੜਾ ਡੈਮ ਦੀ ਸੁਰੱਖਿਆ ਨੂੰ ਲੈ ਕੇ ਇਕ ਮਹੱਤਵਪੂਰਨ ਫੈਸਲਾ ਲਿਆ ਹੈ। ਹੁਣ ਉੱਥੇ ਸੀ.ਆਈ.ਐਸ.ਐਫ਼. ਦੀ ਤਾਇਨਾਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪਹਿਲਾਂ ਭਾਖੜਾ ਡੈਮ ਦੀ ਸੁਰੱਖਿਆ ਲਈ ਹਿਮਾਚਲ ਪ੍ਰਦੇਸ਼ ਪੁਲਿਸ ਤਾਇਨਾਤ ਸੀ, ਜਦੋਂ ਕਿ ਨੰਗਲ ਡੈਮ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਨੂੰ ਦਿੱਤੀ ਗਈ ਸੀ।