ਪਾਵਰਕਾਮ ਦੇ ਆਊਟਸੋਰਸ ਮੁਲਾਜ਼ਮਾਂ ਦੀ ਜਥੇਬੰਦੀ ਵਲੋਂ ਵਿੱਤ ਮੰਤਰੀ ਦੀ ਕੋਠੀ ਅੱਗੇ ਧਰਨਾ ਤੀਜੇ ਦਿਨ ਵੀ ਜਾਰੀ

ਦਿੜ੍ਹਬਾ ਮੰਡੀ (ਸੰਗਰੂਰ), 23 ਮਈ (ਜਸਵੀਰ ਸਿੰਘ ਔਜਲਾ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਵੱਡੀ ਗਿਣਤੀ ਵਿਚ ਲਗਾਤਾਰ ਤਿੰਨ ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਸਹਾਇਕ ਸਕੱਤਰ, ਟੇਕ ਚੰਦ ਸਰਕਲ ਪ੍ਰਧਾਨ ਸੁਖਚੈਨ ਸਿੰਘ ਨੇ ਕਿਹਾ ਕਿ ਬਿਜਲੀ ਵਿਭਾਗ ਦੇ ਨਿਜੀਕਰਨ ਵਿਰੁੱਧ ਅਤੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਲਿਆ ਕੇ ਰੈਗੂਲਰ ਕਰਨ, ਘੱਟੋ-ਘੱਟ ਉਜਰਤ ਦੇ ਕਾਨੂੰਨ ਅਨੁਸਾਰ ਤਨਖਾਹ ਤਹਿ ਕਰਨ, ਕੰਮ-ਭਾਰ ਮੁਤਾਬਕ ਅਸਾਮੀਆਂ ਦੀ ਰਚਨਾ ਕਰਨ, ਕਾਮਾ ਵਿਰੋਧੀ ਲੇਬਰ ਕਾਨੂੰਨਾਂ ਨੂੰ ਰੱਦ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਅਤੇ ਹੋਰ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਦੇ ਰਾਹ ਉਤੇ ਚੱਲ ਰਹੇ ਹਨ। ਵਿੱਤ ਮੰਤਰੀ ਵਲੋਂ ਲਗਾਤਾਰ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਪਰ ਕੋਈ ਹੱਲ ਨਹੀਂ ਹੋਇਆ ਹੈ।