ਜਥੇਦਾਰ ਕਾਉਂਕੇ ਦੇ ਕਥਿਤ ਹਿਰਾਸਤ ਵਿਚ ਲਾਪਤਾ ਹੋਣ ਅਤੇ ਤਸ਼ੱਦਦ ਦੇ ਮਾਮਲੇ ’ਚ ਪੁੱਤਰ ਨੇ ਹਾਈ ਕੋਰਟ ’ਚ ਦਾਇਰ ਕੀਤੀ ਪਟੀਸ਼ਨ
ਚੰਡੀਗੜ੍ਹ, 28 ਮਈ (ਸੰਦੀਪ ਕੁਮਾਰ ਮਾਹਨਾ) - ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਪੁੱਤਰ ਨੇ ਆਪਣੇ ਪਿਤਾ ਦੇ ਕਥਿਤ ਹਿਰਾਸਤ ਵਿਚ ਲਾਪਤਾ ਹੋਣ ਅਤੇ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਕਰਤਾ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿਚ ਸੰਬੰਧਿਤ ਪੁਲਿਸ ਅਧਿਕਾਰੀਆਂ ਵਿਰੁੱਧ ਐਫ਼.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦੇਣ। ਇਹ ਪਟੀਸ਼ਨ ਅੱਜ ਸੁਣਵਾਈ ਲਈ ਸੂਚੀਬੱਧ ਹੈ। ਪਟੀਸ਼ਨ ਵਿਚ ਗੰਭੀਰ ਦੋਸ਼ ਲਗਾਏ ਗਏ ਹਨ ਕਿ ਸਾਲ 1992 ’ਚ, ਜਥੇਦਾਰ ਗੁਰਦੇਵ ਸਿੰਘ ਕਾਉਂਕੇ, ਜਿਨ੍ਹਾਂ ਦੀ ਉਮਰ ਉਸ ਸਮੇਂ 43 ਸਾਲ ਸੀ, ਨੂੰ ਥਾਣਾ ਜਗਰਾਉਂ ਦੇ ਐਸ.ਐਚ.ਓ. ਇੰਸਪੈਕਟਰ ਗੁਰਮੀਤ ਸਿੰਘ ਨੇ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਸਟੇਸ਼ਨ ਲਿਜਾਇਆ ਗਿਆ, ਜਿੱਥੇ ਉਸ ਨੂੰ ਕਈ ਦਿਨਾਂ ਤੱਕ ਬੇ-ਰਹਿਮੀ ਨਾਲ ਤਸੀਹੇ ਦਿੱਤੇ ਗਏ। ਪਟੀਸ਼ਨ ਵਿਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਪੁਲਿਸ ਨੇ ਨਾ ਤਾਂ ਜਥੇਦਾਰ ਕਾਂਊਂਕੇ ਨੂੰ ਕਿਸੇ ਅਦਾਲਤ ਵਿਚ ਪੇਸ਼ ਕੀਤਾ ਅਤੇ ਨਾ ਹੀ ਹਿਰਾਸਤ ਤੋਂ ਰਿਹਾਅ ਕੀਤਾ। ਉਨ੍ਹਾਂ ਦਾ ਅੱਜ ਤੱਕ ਪਤਾ ਨਹੀਂ ਲੱਗਿਆ। ਪਟੀਸ਼ਨਕਰਤਾ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਉਸ ਦੇ ਪਿਤਾ ਦੀ ਗ੍ਰਿਫ਼ਤਾਰੀ, ਤਸ਼ੱਦਦ ਅਤੇ ਰਹੱਸਮਈ ਲਾਪਤਾ ਹੋਣ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਵਿਰੁੱਧ ਅਪਰਾਧਿਕ ਕਾਰਵਾਈ ਸ਼ੁਰੂ ਕੀਤੀ ਜਾਵੇ। ਇਹ ਮਾਮਲਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ। ਹਾਈ ਕੋਰਟ ਅੱਜ ਇਸ ਗੰਭੀਰ ਮਾਮਲੇ ਦੀ ਸੁਣਵਾਈ ਕਰੇਗਾ ਅਤੇ ਫੈਸਲਾ ਕਰੇਗਾ ਕਿ ਇਸ ਮਾਮਲੇ ਵਿਚ ਅਗਲਾ ਕਦਮ ਕੀ ਹੋਣਾ ਚਾਹੀਦਾ ਹੈ।