31 ਮਈ ਤੱਕ ਨਸ਼ਾ ਮੁਕਤ ਪੰਜਾਬ - 'ਆਪ' ਵਲੋਂ ਆਪਣੇ ਗੁਆਚੇ ਵੋਟ ਬੈਂਕ ਨੂੰ ਬਚਾਉਣ ਲਈ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ - ਸ਼ਵੇਤ ਮਲਿਕ

ਜਲੰਧਰ ,1 ਜੂਨ - ਅੱਜ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਦੇ ਕੋਨੇ-ਕੋਨੇ ਵਿਚ ਖੁੱਲ੍ਹੇਆਮ ਵਿਕ ਰਹੇ ਨਸ਼ੇ ਇਸ ਗੱਲ ਦਾ ਸਬੂਤ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਦੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਦਾ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਪੂਰੀ ਤਰ੍ਹਾਂ ਅਸਫਲ ਹੋ ਗਿਆ ਹੈ। ਅਜਿਹਾ ਲੱਗਦਾ ਹੈ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਜੰਗ ਮਾਨ ਸਰਕਾਰ ਦੇ ਕੁਸ਼ਾਸਨ ਕਾਰਨ ਦਿੱਲੀ ਵਾਂਗ ਪੰਜਾਬ ਵਿਚ 'ਆਪ' ਪਾਰਟੀ ਦੇ ਗੁਆਚੇ ਵੋਟ ਅਧਾਰ ਵਲੋਂ ਲੁਧਿਆਣਾ ਉਪ ਚੋਣ ਵਿਚ ਹਾਰ ਤੋਂ ਬਚਣ ਦੀ ਕੋਸ਼ਿਸ਼ ਹੈ। ਇਹ ਇਕ ਬਹੁਤ ਹੀ ਮੰਦਭਾਗਾ ਅਤੇ ਡਰਾਉਣਾ ਸੱਚ ਹੈ ਕਿਉਂਕਿ ਮੁੱਖ ਮੰਤਰੀ ਹੋਣ ਦੇ ਨਾਤੇ, ਭਗਵੰਤ ਮਾਨ ਜੀ ਆਪਣੀ ਪੰਜਵੀਂ ਸਮਾਂ ਸੀਮਾ ਵੀ ਪੂਰੀ ਨਹੀਂ ਕਰ ਸਕੇ। ਇਹ ਗੱਲ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਜਲੰਧਰ ਵਿਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਹੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸੂਬਾ ਭਾਜਪਾ ਜਨਰਲ ਸਕੱਤਰ ਰਾਕੇਸ਼ ਰਾਠੌਰ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਜਗਬੀਰ ਸਿੰਘ ਬਰਾੜ, ਜਲੰਧਰ ਨਗਰ ਨਿਗਮ ਭਾਜਪਾ ਵਿਚ ਵਿਰੋਧੀ ਧਿਰ ਦੇ ਨੇਤਾ ਮਨਜੀਤ ਸਿੰਘ ਟੀਟੂ, ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ, ਰਾਜੇਸ਼ ਕਪੂਰ ਤੇ ਅਮਰਜੀਤ ਸਿੰਘ ਗੋਲਡੀ ਆਦਿ ਮੌਜੂਦ ਸਨ। ਮਲਿਕ ਨੇ ਪੁੱਛਿਆ ਕਿ ਮਾਨ ਸਰਕਾਰ ਨਸ਼ਾ ਵੇਚਣ ਵਾਲਿਆਂ ਅਤੇ ਮਾਫੀਆ ਵਿਰੁੱਧ ਕਾਰਵਾਈ ਕਿਉਂ ਨਹੀਂ ਕਰਦੀ, ਇਹ ਸ਼ੱਕ ਪੈਦਾ ਕਰਦਾ ਹੈ।