ਜਥੇਦਾਰ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਭਾਈ ਇੰਦਰਜੀਤ ਸਿੰਘ ਦੇ ਚਲਾਣੇ ’ਤੇ ਸੰਵੇਦਨਾ ਪ੍ਰਗਟ

ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਦੋਵਾਂ ਧਾਰਮਿਕ ਆਗੂਆਂ ਨੇ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਆਪਣੀ ਜੀਵਨ ਯਾਤਰਾ ਦੌਰਾਨ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਦੇ ਜਸ ਨਾਲ ਜੋੜਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਲੰਮੇ ਸਮੇਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਤੇ ਸੰਗਤ ਦੇ ਮਨਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਕਾਰਜ ਕੀਤਾ। ਜ਼ਿਕਰ ਯੋਗ ਹੈ ਕਿ ਭਾਈ ਇੰਦਰਜੀਤ ਸਿੰਘ ਯੂ.ਕੇ. ਵਿਖੇ ਅਕਾਲ ਚਲਾਣਾ ਕਰ ਗਏ ਹਨ।