ਰਾਜਿੰਦਰ ਦੀਪਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਲੌਂਗੋਵਾਲ, (ਸੰਗਰੂਰ), 16 ਜੂਨ (ਵਿਨੋਦ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਨਾਮ ਤੋਂ ਇੰਚਾਰਜ ਅਤੇ ਨਿੱਧੜਕ ਆਗੂ ਵਜੋਂ ਜਾਣੇ ਜਾਂਦੇ ਬਾਬੂ ਰਾਜਿੰਦਰਾ ਦੀਪਾ ਕਾਂਗਰਸ ਪਾਰਟੀ ਵਿਚ ਮੁੜ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਹੋਏ ਇਕ ਸਮਾਗਮ ਦੌਰਾਨ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਰਟੀ ਵਿਚ ਸ਼ਾਮਿਲ ਕਰਨ ਦੀ ਰਸਮ ਅਦਾ ਕੀਤੀ। ਜ਼ਿਕਰਯੋਗ ਹੈ ਕਿ ਬਾਬੂ ਰਾਜਿੰਦਰ ਦੀਪਾ ਕਾਂਗਰਸ ਪਾਰਟੀ ਦੇ ਹਲਕਾ ਸੁਨਾਮ ਤੋਂ ਟਕਸਾਲੀ ਆਗੂ ਸਨ ਤੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਹਨਾਂ ਦੀ ਟਿਕਟ ਕੱਟੇ ਜਾਣ ਕਾਰਨ ਉਹਨਾਂ ਕਾਂਗਰਸ ਪਾਰਟੀ ਤੋਂ ਬਗਾਵਤ ਕਰ ਦਿੱਤੀ ਸੀ ਅਤੇ ਅਜ਼ਾਦ ਚੋਣ ਲੜ ਕੇ ਕਾਂਗਰਸ ਦੇ ਉਮੀਦਵਾਰ ਦੀ ਹਾਰ ਦਾ ਕਾਰਨ ਬਣੇ ਸਨ। ਇਸ ਤੋਂ ਬਾਅਦ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸੁਨਾਮ ਹਲਕੇ ਦਾ ਇੰਚਾਰਜ ਬਣਾਇਆ ਹੋਇਆ ਸੀ।