ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਪੰਜਾਬ ਕਾਂਗਰਸ ਦੀ ਮੀਤ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਫ਼ਰੀਦਕੋਟ, 25 ਜੂਨ (ਜਸਵੰਤ ਸਿੰਘ ਪੁਰਬਾ)- ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਫ਼ਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅੱਜ ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਲੁਧਿਆਣਾ ਦੀ ਉੱਪ ਚੋਣ ਲਈ ਉਨ੍ਹਾਂ ਨੇ ਪੂਰੀ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਈ ਹੈ, ਪਰ ਹਾਰ ਨੂੰ ਦੇਖਦਿਆਂ ਉਨ੍ਹਾਂ ਨੇ ਇਖਲਾਕੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹੀ ਪੰਜਾਬ ਕਾਂਗਰਸ ਵਿਚ ਟੀਮ ਵਜੋਂ ਕੰਮ ਕੀਤਾ ਹੈ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਹੀ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅਹੁਦੇ ਕੋਈ ਵੱਡੇ ਨਹੀਂ ਹੁੰਦੇ, ਵੱਡੀ ਹੁੰਦੀ ਹੈ ਪਾਰਟੀ। ਹੁਣ ਪਾਰਟੀ ਵਿਚ ਹੋਰ ਵੀ ਕਾਬਲ ਆਗੂ ਹਨ, ਜਿਨ੍ਹਾਂ ਨੂੰ ਇਹ ਜ਼ਿੰਮੇਵਾਰੀ ਮਿਲਣੀ ਚਾਹੀਦੀ ਹੈ। ਸ. ਢਿੱਲੋਂ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਵੇਨੂੰ ਗੋਪਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ ਨੂੰ ਭੇਜ ਦਿੱਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਕਿੱਕੀ ਢਿੱਲੋਂ ਆਸਟ੍ਰੇਲੀਆ ਦੌਰੇ ’ਤੇ ਹਨ।