JALANDHAR WEATHER

ਜ਼ਮੀਨ ਐਕਵਾਇਰ ਕਰਨ ਆਏ ਅਧਿਕਾਰੀਆਂ ਖਿਲਾਫ਼ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਮਾਛੀਵਾੜਾ ਸਾਹਿਬ, 1 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਰੋਪੜ ਤੋਂ ਲੁਧਿਆਣਾ ਨੈਸ਼ਨਲ ਹਾਈਵੇ ਲਈ 100 ਦੇ ਕਰੀਬ ਪੁਲਿਸ ਜਵਾਨ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਿੰਡ ਸਹਿਜੋ ਮਾਜਰਾ ਸਮੇਤ ਆਸ-ਪਾਸ ਦੇ ਪਿੰਡਾਂ ਵਿਚ ਜ਼ਮੀਨ ਐਕਵਾਇਰ ਕਰਨ ਪੁੱਜੇ ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ ਪਰ ਰੋਸ ਪ੍ਰਦਰਸ਼ਨ ਦੇ ਬਾਵਜੂਦ 5 ਕਿਲੋਮੀਟਰ ਤੱਕ ਦਾ ਏਰੀਆ ਐਕਵਾਇਰ ਕਰ ਲਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਸਹਿਜੋ ਮਾਜਰਾ ਦੇ ਕਿਸਾਨ ਗੁਰਸੇਵਕ ਸਿੰਘ, ਲਵਪ੍ਰੀਤ ਸਿੰਘ, ਸੁੱਚਾ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਹੀ ਸੜਕੀ ਪ੍ਰੋਜੈਕਟ ਲਈ ਅਧਿਕਾਰੀ ਜੇ.ਸੀ.ਬੀ. ਮਸ਼ੀਨਾਂ ਅਤੇ ਟ੍ਰੈਕਟਰ ਲੈ ਕੇ ਉਨ੍ਹਾਂ ਦੀ ਜ਼ਮੀਨ ਐਕਵਾਇਰ ਕਰਨ ਪੁੱਜੇ ਜਿਨ੍ਹਾਂ ਖੜ੍ਹੀਆਂ ਫਸਲਾਂ ਨੂੰ ਵੀ ਵਾਹ ਦਿੱਤਾ। ਕਿਸਾਨਾਂ ਨੇ ਕਿਹਾ ਕਿ ਸਾਨੂੰ ਜ਼ਮੀਨ ਦਾ ਭਾਅ ਘੱਟ ਦਿੱਤਾ ਜਾ ਰਿਹਾ ਹੈ ਜੋ ਕਿ ਕਿਸਾਨਾਂ ਨਾਲ ਸਰਾਸਰ ਧੱਕਾ ਹੈ। ਉਕਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮੀਨਾਂ ਦਾ ਰੇਟ ਪ੍ਰਤੀ ਏਕੜ 40 ਤੋਂ 50 ਲੱਖ ਰੁਪਏ ਬਣਦਾ ਹੈ ਜਦਕਿ ਸਰਕਾਰ ਵਲੋਂ ਛਾਂਟ ਕੱਢ ਕੇ 8 ਤੋਂ 9 ਲੱਖ ਰੁਪਏ ਪ੍ਰਤੀ ਏਕੜ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਸੜਕੀ ਪ੍ਰੋਜੈਕਟ ਲਈ ਜ਼ਮੀਨ ਐਕਵਾਇਰ ਕਰਨ ਦਾ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਭੇਜਿਆ ਗਿਆ। ਕਿਸਾਨਾਂ ਨੇ ਦੱਸਿਆ ਕਿ ਭਾਰੀ ਫੋਰਸ ਬਲ ਅੱਗੇ ਉਨ੍ਹਾਂ ਦੀ ਕੋਈ ਅਪੀਲ ਜਾਂ ਦਲੀਲ ਨਹੀਂ ਸੁਣੀ ਗਈ ਅਤੇ ਜ਼ਮੀਨ ’ਤੇ ਕਬਜ਼ਾ ਕਰ ਰਾਹ ਪੱਧਰਾ ਕਰ ਦਿੱਤਾ ਗਿਆ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਸੜਕੀ ਪ੍ਰੋਜੈਕਟ ਤਹਿਤ ਜ਼ਮੀਨ ਐਕਵਾਇਰ ਕਰ ਲਵੇ ਪਰ ਕਿਸਾਨਾਂ ਨੂੰ ਜ਼ਮੀਨਾਂ ਦੇ ਸਹੀ ਭਾਅ ਅਤੇ ਉਨ੍ਹਾਂ ਦੀ ਨੁਕਸਾਨੀ ਗਈ ਫਸਲ ਦਾ ਮੁਆਵਜ਼ਾ ਦੇਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ