ਕੈਬਨਿਟ ਮੰਤਰੀ ਧਾਲੀਵਾਲ ਵਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਮੁਲਾਕਾਤ

ਅਜਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਮੁਲਾਕਾਤ ਕਰਕੇ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨਾਲ-ਨਾਲ ਵਗਦੇ ਰਾਵੀ ਦਰਿਆ ਸੰਬੰਧੀ ਮਹੱਤਵਪੂਰਨ ਚਿੰਤਾ ਦੇ ਮਾਮਲੇ 'ਤੇ ਮੁਲਾਕਾਤ ਕਰਕੇ ਪੰਜਾਬ ਸਰਕਾਰ ਨੂੰ ਲੋੜੀਂਦੇ ਫ਼ੰਡ ਦੇਣ ਦੀ ਅਪੀਲ ਕੀਤੀ। ਉਪਰੰਤ 'ਅਜੀਤ' ਨਾਲ ਫ਼ੋਨ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਫ਼ੰਡ ਸਾਡੀ ਜ਼ਮੀਨ ਦੀ ਸੁਰੱਖਿਆ, ਸਾਡੇ ਸੁਰੱਖਿਆ, ਬੁਨਿਆਦੀ ਢਾਂਚੇ ਦੀ ਰੱਖਿਆ ਅਤੇ ਇਸ ਸੰਵੇਦਨਸ਼ੀਲ ਸਰਹੱਦ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਦੇ ਵਧੇ ਹੋਏ ਜੋਖ਼ਮ ਨੂੰ ਰੋਕਣ ਲਈ ਲੋੜੀਂਦੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਮਹੱਤਵਪੂਰਨ ਹਨ।
ਉਨ੍ਹਾਂ ਕਿਹਾ ਕਿ ਭਾਰੀ ਹੜ੍ਹਾਂ ਦੇ ਸਮੇਂ ਦੌਰਾਨ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਵਿਚ ਰਾਵੀ ਨਾਲ ਲੱਗਦੇ ਖੇਤਰਾਂ ਨੂੰ ਕਾਫ਼ੀ ਨੁਕਸਾਨ ਹੁੰਦਾ ਹੈ, ਇਸ ਵਿਚ ਨਾ ਸਿਰਫ਼ ਸਾਡੇ ਕਿਸਾਨਾਂ ਲਈ ਕੀਮਤੀ ਕਾਸ਼ਤਯੋਗ ਜ਼ਮੀਨ ਦਾ ਨੁਕਸਾਨ ਹੁੰਦਾ ਹੈ ਸਗੋਂ ਮਹੱਤਵਪੂਰਨ ਫ਼ੌਜ ਅਤੇ ਬੀ.ਐੱਸ.ਐਫ. ਚੌਕੀਆਂ ਨੂੰ ਵੀ ਭਾਰੀ ਨੁਕਸਾਨ ਹੁੰਦਾ ਹੈ ਅਤੇ ਇਹ ਨੁਕਸਾਨ ਸਾਡੀ ਰਾਸ਼ਟਰੀ ਸੁਰੱਖਿਆ ਅਤੇ ਸਾਡੀਆਂ ਸਰਹੱਦੀ ਸੁਰੱਖਿਆ ਬਲਾਂ ਦੀਆਂ ਸੰਚਾਲਨ ਸਮਰੱਥਾਵਾਂ ਨੂੰ ਸਿੱਧਾ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਨ੍ਹਾਂ ਸਰਹੱਦੀ ਇਲਾਕਿਆਂ ਵਿਚ ਹੜ੍ਹਾਂ ਕਾਰਨ ਹੋਣ ਵਾਲਾ ਵਿਘਨ ਬਦਕਿਸਮਤੀ ਨਾਲ ਨਸ਼ਿਆਂ ਦੀ ਤਸਕਰੀ ਦੀਆਂ ਸੰਭਾਵਨਾਵਾਂ ਨੂੰ ਵਧਾਉਂਦਾ ਹੈ ਜੋ ਕਿ ਸਾਡੇ ਰਾਜ ਅਤੇ ਰਾਸ਼ਟਰ ਲਈ ਇਕ ਗੰਭੀਰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਅੱਜ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਇਨ੍ਹਾਂ ਮਹੱਤਵਪੂਰਨ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰਨ ਅਤੇ ਘਟਾਉਣ ਲਈ, ਇਹ ਜ਼ਰੂਰੀ ਹੈ।