4 ਜੁਲਾਈ 1955 ਨੂੰ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਏ ਹਮਲੇ ਦੀ ਯਾਦ 'ਚ ਭਲਕੇ ਹੋਵੇਗਾ ਗੁਰਮਤਿ ਸਮਾਗਮ-ਧਾਮੀ

ਅੰਮ੍ਰਿਤਸਰ, 3 ਜੁਲਾਈ (ਜਸਵੰਤ ਸਿੰਘ ਜੱਸ)-ਆਜ਼ਾਦ ਭਾਰਤ ਅੰਦਰ ਪੰਜਾਬੀ ਸੂਬਾ ਮੋਰਚਾ ਦੌਰਾਨ ਸਮੇਂ ਦੀ ਸਰਕਾਰ ਵਲੋਂ 4 ਜੁਲਾਈ 1955 ਨੂੰ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਭਲਕੇ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਸਜਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਧਾਰਮਿਕ ਦੀਵਾਨ ’ਚ ਢਾਡੀ ਜਥੇ ਸੰਗਤ ਨਾਲ ਇਤਿਹਾਸ ਦੀ ਸਾਂਝ ਪਾਉਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵਲੋਂ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਲਈ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ, ਜੋ ਸਰਕਾਰ ਦੀ ਧੱਕੇਸ਼ਾਹੀ ਦਾ ਪ੍ਰਤੱਖ ਪ੍ਰਗਟਾਵਾ ਸੀ। ਇਸ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ।