ਵਿਧਾਇਕ ਬਾਵਾ ਹੈਨਰੀ ਨੇ 2 ਤੋਂ ਵੱਧ ਬੱਚਿਆਂ ਸੰਬੰਧੀ ਸਪੀਕਰ ਅੱਗੇ ਪੇਸ਼ ਕੀਤਾ ਬਿੱਲ

ਜਲੰਧਰ, 3 ਜੁਲਾਈ-ਭਾਰਤ ਵਿਚ ਵਧਦੀ ਆਬਾਦੀ ਬਹੁਤ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਇਸ ਸੰਬੰਧੀ ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸਾਹਮਣੇ ਆਬਾਦੀ ਕੰਟਰੋਲ ਬਿੱਲ ਪੇਸ਼ ਕੀਤਾ ਹੈ, ਜਿਸ ਵਿਚ ਸੂਬੇ ਵਿਚ ਆਬਾਦੀ ਕੰਟਰੋਲ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਗਈ। ਪ੍ਰਸਤਾਵਿਤ ਬਿੱਲ ਵਿਚ ਦੋ ਤੋਂ ਵੱਧ ਬੱਚੇ ਹੋਣ ਵਾਲੇ ਮਾਪਿਆਂ ਦੇ ਵੋਟਿੰਗ ਅਧਿਕਾਰ ਨੂੰ ਰੱਦ ਕਰਨ ਅਤੇ ਉਨ੍ਹਾਂ ਨੂੰ ਅਯੋਗ ਘੋਸ਼ਿਤ ਕਰਨ ਅਤੇ 10 ਲੱਖ ਦਾ ਜੁਰਮਾਨਾ ਲਗਾਉਣ ਦੀ ਗੱਲ ਕੀਤੀ ਗਈ ਹੈ। ਇਹ ਬਿੱਲ ਆਬਾਦੀ ਕੰਟਰੋਲ ਦੀ ਜ਼ਰੂਰਤ 'ਤੇ ਜ਼ੋਰ ਦਿੰਦਾ ਹੈ ਅਤੇ ਇਸਦਾ ਉਦੇਸ਼ ਪੂਰੇ ਪੰਜਾਬ ਵਿਚ ਦੋ ਬੱਚਿਆਂ ਦੀ ਨੀਤੀ ਨੂੰ ਲਾਗੂ ਕਰਨਾ ਹੈ। ਗੱਲਬਾਤ ਕਰਦੇ ਹੋਏ ਵਿਧਾਇਕ ਨੇ ਕਿਹਾ ਕਿ ਵਾਤਾਵਰਣ ਨੂੰ ਦੂਸ਼ਿਤ ਕਰਨ ਵਿਚ ਸਭ ਤੋਂ ਵੱਡਾ ਕਾਰਨ ਵਧਦੀ ਆਬਾਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਅਤੇ ਭਾਰਤ ਦੀ ਆਬਾਦੀ ਨੂੰ ਕੰਟਰੋਲ ਕੀਤਾ ਜਾਂਦਾ ਹੈ ਤਾਂ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਆਬਾਦੀ ਕੰਟਰੋਲ ਬਿੱਲ ਦੀ ਉਲੰਘਣਾ ਕਰਨ ਵਾਲਿਆਂ ਤੋਂ ਵੋਟ ਪਾਉਣ ਦਾ ਅਧਿਕਾਰ ਖੋਹਣ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਨਾ ਦੇਣ ਦਾ ਪ੍ਰਸਤਾਵ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦਾ ਇਕ ਬੱਚਾ ਹੈ, ਉਨ੍ਹਾਂ ਨੂੰ ਵੱਖਰੀਆਂ ਸਹੂਲਤਾਂ ਦੇਣ ਦੀ ਸਕੀਮ ਲਿਆਂਦੀ ਜਾਵੇ।