ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ

ਪਟਨਾ, 5 ਜੁਲਾਈ- ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ ਪਰ ਸੁਖਬੀਰ ਸਿੰਘ ਬਾਦਲ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਵੱਡਾ ਫ਼ੈਸਲਾ ਲੈ ਲਿਆ ਗਿਆ ਤੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਪੇਸ਼ੀ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਫੋਨ ਕਰਕੇ ਹੋਰ ਸਮਾਂ ਲਿਆ ਗਿਆ ਸੀ ਲੇਕਿਨ ਇਸ ਦੇ ਵਿਚਾਲੇ ਵੀ ਸੁਖਬੀਰ ਸਿੰਘ ਬਾਦਲ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਮਾਮਲਾ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ-ਏ-ਮਸਕੀਨ ਨਾਲ ਜੁੜਿਆ ਹੈ, ਜਿਨ੍ਹਾਂ ’ਤੇ ਲੱਗੇ ਗੰਭੀਰ ਇਲਜ਼ਾਮਾਂ ਦੇ ਚਲਦਿਆਂ ਉਨ੍ਹਾਂ ਨੂੰ ਲਾਂਭੇ ਕੀਤਾ ਗਿਆ ਸੀ ਲੇਕਿਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਪਿਆਰਿਆਂ ਦੀ ਇਕੱਤਰਤਾ ਵਲੋਂ ਗਿਆਨੀ ਰਣਜੀਤ ਸਿੰਘ ਗੋਹਰ-ਏ-ਮਸਕੀਨ ਦੀਆਂ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਸੀ, ਜਿਸ ’ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਵਿਰੋਧ ਜ਼ਾਹਰ ਕੀਤਾ ਗਿਆ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ, ਟੇਕ ਸਿੰਘ ਧਨੌਲਾ ਤੇ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ । ਸੁਖਬੀਰ ਸਿੰਘ ਬਾਦਲ ਨੂੰ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ, ਪਰ ਉਹ ਪੇਸ਼ ਹੀ ਨਹੀਂ ਹੋਏ, ਜਿਸ ਤੋਂ ਬਾਅਦ ਪੰਜ ਪਿਆਰਿਆਂ ਨੇ ਆਪਣਾ ਫੈਸਲਾ ਸੁਣਾਇਆ ਹੈ।