ਚੀਫ਼ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਕੱਥੂਨੰਗਲ ਤੇ ਹੋਰ ਮੈਂਬਰ ਸਪੱਸ਼ਟੀਕਰਨ ਦੇਣ ਅਕਾਲ ਤਖਤ ਸਕੱਤਰੇਤ ਪੁੱਜੇ

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਕਾਰਜਕਾਰਨੀ ਕਮੇਟੀ ਨੂੰ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਿਛਲੇ ਸਮੇਂ ਵਿਚ ਪੁੱਜੀਆਂ ਸ਼ਿਕਾਇਤਾਂ ਦੇ ਸੰਬੰਧ ਵਿਚ 15 ਦਿਨਾਂ ਦੇ ਅੰਦਰ ਪੇਸ਼ ਹੋਣ ਦੇ ਕੀਤੇ ਆਦੇਸ਼ ਤੋਂ ਬਾਅਦ ਅੱਜ ਆਖਰੀ ਦਿਨ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਸਮੇਤ ਛੇ ਦੇ ਕਰੀਬ ਕਾਰਜਕਾਰਨੀ ਤੇ ਹੋਰ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਲਈ ਪੁੱਜੇ। ਇਸ ਮੌਕੇ ਗੱਲਬਾਤ ਕਰਦਿਆਂ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਉਹ ਸਿੱਖ ਹੋਣ ਦੇ ਨਾਤੇ ਅਤੇ ਚੀਫ਼ ਖਾਲਸਾ ਦੀਵਾਨ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਹਮੇਸ਼ਾ ਸਮਰਪਿਤ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਦੀ ਪਾਲਣਾ ਕਰਦਿਆਂ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਸਾਥੀਆਂ ਸਮੇਤ ਪੁੱਜੇ ਹਨ। ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਝਰ ਅਤੇ ਹੋਰਨਾਂ ਮੈਂਬਰਾਂ ਦੇ ਅਜੇ ਤੱਕ ਸਪੱਸ਼ਟੀਕਰਨ ਲਈ ਨਾ ਆਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਉਹ ਇਸ ਬਾਰੇ ਜ਼ਿਆਦਾ ਨਹੀਂ ਕਹਿ ਸਕਦੇ ਪਰ ਦੀਵਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਪ੍ਰਧਾਨ ਤੇ ਹੋਰਨਾਂ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆ ਕੇ ਆਪਣਾ ਤਰਕ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਦੀਵਾਨ ਦੇ ਮੈਂਬਰ ਅਮਰਦੀਪ ਸਿੰਘ ਰਾਜੇਵਾਲ, ਸੁਖਜਿੰਦਰ ਸਿੰਘ ਪ੍ਰਿੰਸ, ਅਜਮੇਰ ਸਿੰਘ, ਤਲਵਿੰਦਰ ਸਿੰਘ ਚਾਹਲ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।