ਲੌਂਗੋਵਾਲ ਦੇ ਅਕਾਲੀ ਵਰਕਰਾਂ ਵਲੋਂ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਲੌਂਗੋਵਾਲ, 5 ਜੁਲਾਈ (ਵਿਨੋਦ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਆਗੂਆਂ ਦਾ ਵਫ਼ਦ ਸੀਨੀਅਰ ਆਗੂ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ ਅਤੇ ਸੰਤ ਲੌਂਗੋਵਾਲ ਦੀ ਬਰਸੀ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਵਫ਼ਦ ਵਿਚ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਕੌਂਸਲਰ ਗੁਰਮੀਤ ਸਿੰਘ ਲੱਲੀ, ਸੁਸਾਇਟੀ ਮੈਂਬਰ ਜਸਵਿੰਦਰ ਸਿੰਘ ਦੁੱਲਟ ਅਤੇ ਬਾਬਾ ਕੁਲਵੰਤ ਸਿੰਘ ਕਾਂਤੀ ਸ਼ਾਮਿਲ ਸਨ।
ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਆਗੂਆਂ ਨੇ ਦੱਸਿਆ ਕਿ ਜਲਦ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੌਂਗੋਵਾਲ ਪੁੱਜ ਰਹੇ ਹਨ। ਸ. ਬਾਦਲ ਨੇ ਵਫ਼ਦ ਨੂੰ ਤਕੜੇ ਹੋ ਕੇ ਕੰਮ ਕਰਨ ਲਈ ਕਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸੰਤ ਹਰਚੰਦ ਸਿੰਘ ਦੀ ਬਰਸੀ ਪਹਿਲਾਂ ਵਾਂਗ ਪੂਰੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਜੀ ਨੇ ਸਾਨੂੰ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਸ਼ਿੱਦਤ ਨਾਲ ਕੰਮ ਕੀਤਾ ਜਾਵੇ ਅਤੇ ਸਰਕਾਰ ਦੇ ਹਰ ਜ਼ੁਲਮ ਦਾ ਪੂਰੀ ਦਲੇਰੀ ਨਾਲ ਟਾਕਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣੀ ਤੈਅ ਹੈ।