ਬਿਕਰਮ ਸਿੰਘ ਮਜੀਠੀਆ ਪਹੁੰਚੇ ਨਾਭਾ ਜੇਲ੍ਹ 'ਚ, ਹਲਕਾ ਇੰਚਾਰਜ ਲਾਲਕਾ ਦੀ ਅਗਵਾਈ 'ਚ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ

ਨਾਭਾ, 6 ਜੁਲਾਈ (ਜਗਨਾਰ ਸਿੰਘ ਦੁਲੱਦੀ) - ਪੰਜਾਬ ਵਿਜੀਲੈਂਸ ਬਿਊਰੋ ਵਲੋਂ ਆਮਦਨ ਤੋਂ ਵੱਧ ਜਾਇਦਾਦ ਸੰਬੰਧੀ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਮੁਹਾਲੀ ਅਦਾਲਤ ਵਲੋਂ 14 ਦਿਨ ਲਈ ਨਿਆਂਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਦੇ ਦਿੱਤਾ ਗਿਆ ਸੀ, ਜਿਸ ਤਹਿਤ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੁਪਹਿਰ ਕਰੀਬ ਸਵਾ ਇਕ ਵਜੇ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਪਹੁੰਚ ਗਏ ਹਨ।
ਜਿਸ ਵੇਲੇ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਪੁਲਿਸ ਦੀਆਂ ਗੱਡੀਆਂ ਦਾ ਕਾਫਲਾ ਨਾਭਾ ਜੇਲ ਬਾਹਰ ਪਹੁੰਚਿਆ ਤਾਂ ਅਕਾਲੀ ਵਰਕਰਾਂ ਨੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਨਾਂਅ ਤੋਂ ਸਰਕਾਰ ਪੂਰੀ ਤਰ੍ਹਾਂ ਡਰ ਰਹੀ ਹੈ ਅਤੇ ਘਬਰਾ ਚੁੱਕੀ ਹੈ, ਕਿਉਂਕਿ ਅੱਜ ਅਕਾਲੀ ਵਰਕਰਾਂ ਦਾ ਜੋਸ਼ ਸੱਤਵੇਂ ਅਸਮਾਨ 'ਤੇ ਹੈ। ਲਾਲਕਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਅਕਾਲੀ ਵਰਕਰਾਂ ਜਾਂ ਆਗੂਆਂ ਖ਼ਿਲਾਫ਼ ਕਿਸੇ ਤਰ੍ਹਾਂ ਧੱਕੇਸ਼ਾਹੀ ਜਾਰੀ ਰੱਖੀ ਤਾਂ ਅਕਾਲੀ ਵਰਕਰ ਸੜਕਾਂ ਤੇ ਉਤਰਨ ਲਈ ਮਜ਼ਬੂਰ ਹੋਣਗੇ।