2 ਮੋਟਰਸਾਈਕਲ ਸਵਾਰ ਲੁਟੇਰੇ ਸਵਰਨਕਾਰ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ ,6 ਜੁਲਾਈ -(ਪਰਮਿੰਦਰ ਸਿੰਘ ਆਹੂਜਾ) - ਸਥਾਨਕ ਚੰਡੀਗੜ੍ਹ ਸੜਕ 'ਤੇ 33 ਫੁੱਟਾ ਰੋਡਤੇ ਅੱਜ ਦੇਰ ਰਾਤ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਸਵਰਨਕਾਰ ਤੋਂ ਪਿਸਤੌਲ ਦਿਖਾ ਕੇ 2 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ । ਜਾਣਕਾਰੀ ਅਨੁਸਾਰ ਘਟਨਾ ਅੱਜ 9 ਵਜੇ ਤੇ ਕਰੀਬ ਉਸ ਵਕਤ ਵਾਪਰੀ ਜਦੋਂ ਸ਼ਗਨ ਜਿਊਲਰ ਦਾ ਮਾਲਕ ਵਿਜੇ ਕੁਮਾਰ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਿਹਾ ਸੀ। ਉਸ ਦੀ ਦੁਕਾਨ ਦੀ ਸਾਹਮਣੇ ਗਲੀ ਵਿਚ ਹੀ ਉਸ ਦਾ ਘਰ ਸੀ। ਜਦੋਂ ਉਹ ਦੁਕਾਨ ਤੋਂ ਥੋੜਾ ਅੱਗੇ ਪਹੁੰਚਿਆ ਤਾਂ ਪਹਿਲਾਂ ਤੋਂ ਹੀ ਮੌਜੂਦ 2 ਮੋਟਰਸਾਈਕਲ ਸਵਾਰ ਲੁਟੇਰੇ ਉਸ ਦੇ ਨੇੜੇ ਆਏ ਤੇ ਨਕਦੀ ਵਾਲਾ ਬੈਗ ਦੇਣ ਲਈ ਕਿਹਾ। ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ ਅਤੇ ਉ ਸਨੂੰ ਗੋਲੀ ਮਾਰ ਦੇਣ ਦੀ ਧਮਕੀ ਦੇ ਕੇ 2 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਵਿਜੇ ਕੁਮਾਰ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਉੱਥੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ। ਹਾਲ ਦੀ ਘੜੀ ਦੇਰ ਰਾਤ ਤੱਕ ਪੁਲਿਸ ਵਲੋਂ ਇਲਾਕੇ ਦੀ ਨਾਕਾਬੰਦੀ ਕੀਤੀ ਗਈ ਸੀ ਤਾਂ ਜੋ ਲੁਟੇਰਿਆਂ ਨੂੰ ਕਾਬੂ ਕੀਤਾ ਜਾ ਸਕੇ। ਪਰ ਦੇਰ ਰਾਤ ਖ਼ਬਰ ਲਿਖੇ ਜਾਣ ਤੱਕ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।