ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ

ਕਪੂਰਥਲਾ, 7 ਜੁਲਾਈ (ਅਮਨਜੋਤ ਸਿੰਘ ਵਾਲੀਆ)- ਹਲਕਾ ਕਪੂਰਥਲਾ ਵਿਚ ਅੱਜ ਦੂਸਰੇ ਦਿਨ ਇਕ ਹੋਰ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਪਰਿਵਾਰਕ ਮੈਂਬਰ 108 ਐਬੂਲੈਂਸ ਰਾਹੀਂ ਨੌਜਵਾਨ ਹੰਸਪਾਲ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਝਲਠੀਕਰੀਵਾਲ ਨੂੰ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ, ਜਿਥੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਮੋਇਨ ਮੁਹੰਮਦ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 112 ਨੰਬਰ ਤੋਂ ਘਟਨਾ ਸੰਬੰਧੀ ਸੂਚਨਾ ਮਿਲੀ ਸੀ, ਜਿਸ ’ਤੇ ਉਹ ਮੌਕੇ ’ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋਈ ਹੈ।