ਸ੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਵਿਆਪੀ ਹੜਤਾਲ ਦਾ ਵਿਆਪਕ ਅਸਰ-ਧਰਨੇ ਤੇ ਰੋਸ ਪ੍ਰਦਰਸ਼ਨ ਜਾਰੀ


ਸ੍ਰੀ ਮੁਕਤਸਰ ਸਾਹਿਬ, 9 ਜੁਲਾਈ (ਰਣਜੀਤ ਸਿੰਘ ਢਿੱਲੋਂ)- ਵੱਖ-ਵੱਖ ਟਰੇਡ ਯੂਨੀਅਨਾਂ ਵਲੋਂ ਦੇਸ਼ ਵਿਆਪੀ ਹੜਤਾਲ ਦੇ ਸੱਦੇ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਆਪਕ ਅਸਰ ਵੇਖਣ ਨੂੰ ਮਿਲਿਆ। ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਵਿਖੇ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੁਕੰਮਲ ਹੜਤਾਲ ਕੀਤੀ ਗਈ, ਜਿਸ ਕਰਕੇ ਬੱਸ ਸਟੈਂਡ ਵਿਚੋਂ ਨਿੱਜੀ ਬੱਸਾਂ ਹੀ ਚੱਲੀਆਂ। ਬੱਸ ਸਟੈਂਡ ਵਿਖੇ ਰੋਸ ਧਰਨੇ ਅਤੇ ਪ੍ਰਦਰਸ਼ਨ ਵਿਚ ਵੱਖ-ਵੱਖ ਪੈਨਸ਼ਨਰ ਜਥੇਬੰਦੀਆਂ, ਅਧਿਆਪਕ ਜਥੇਬੰਦੀਆਂ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ, ਬਿਜਲੀ ਬੋਰਡ ਅਤੇ ਹੋਰ ਅਦਾਰਿਆਂ ਦੀਆਂ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਭਾਰਤੀ ਜੀਵਨ ਬੀਮਾ ਨਿਗਮ ਦੇ ਕਰਮਚਾਰੀਆਂ ਨੇ ਵੀ ਹੜਤਾਲ ਕੀਤੀ।
ਡਾਕ ਘਰ ਵਿਚ ਦਰਜਾਚਾਰ ਕਰਮਚਾਰੀ ਵੀ ਧਰਨੇ ’ਤੇ ਬੈਠੇ। ਆਗੂਆਂ ਨੇ ਕੇਂਦਰ ਸਰਕਾਰ ਦੀ ਨਿੱਜੀਕਰਨ ਨੀਤੀ ਦਾ ਵਿਰੋਧ ਕੀਤਾ, ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਨੀਤੀ ਬਹਾਲ ਕਰਨ ਸਮੇਤ ਹੋਰ ਮੰਗਾਂ ਨੂੰ ਉਠਾਇਆ। ਇਸ ਮੌਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਹੁੰਦੀ ਰਹੀ।