ਮੁੱਖ ਮੰਤਰੀ ਸੂਬੇ ’ਚ ਕਾਨੂੰਨ ਵਿਵਸਥਾ ਭੰਗ ਕਰਨ ਵਾਲਿਆਂ ਵਿਰੁੱਧ ਕਰਨਗੇ ਸਖ਼ਤ ਕਾਰਵਾਈ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਜੁਲਾਈ- ਅਬੋਹਰ ਦੇ ਕਾਰੋਬਾਰੀ ਕਤਲ ਮਾਮਲੇ ’ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਬੋਹਰ ਵਿਚ ਇਕ ਕਾਰੋਬਾਰੀ ਦੇ ਕਤਲ ਦੇ ਮਾਮਲੇ ਵਿਚ ਜਦੋਂ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਗਈ ਤਾਂ ਭਾਜਪਾ ਦੇ ਕਈ ਵੱਡੇ ਆਗੂ ਭੜਕ ਗਏ। ਪੰਜਾਬ ਤੋਂ ਲੈ ਕੇ ਦਿੱਲੀ ਤੱਕ ਕਈ ਭਾਜਪਾ ਆਗੂ ਗੁੰਡਿਆਂ ਦਾ ਸਾਥ ਦਿੰਦੇ ਦੇਖੇ ਗਏ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਕਿਸ ਨੇ ਸਲਾਖਾਂ ਪਿੱਛੇ ਡੱਕਿਆ ਸੀ? ਉਸਨੂੰ ਗੁਜਰਾਤ ਲਿਜਾਇਆ ਗਿਆ, ਜਿੱਥੇ ਭਾਜਪਾ ਪਿਛਲੇ 30 ਸਾਲਾਂ ਤੋਂ ਸੱਤਾ ਵਿਚ ਹੈ। ਗੁਜਰਾਤ ਵਿਚ ਉਸ ਨੂੰ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ?
ਉਨ੍ਹਾਂ ਅੱਗੇ ਕਿਹਾ ਕਿ ਗੁੰਡਿਆਂ ਦੀ ਮਦਦ ਨਾਲ ਕਾਰੋਬਾਰੀਆਂ ਨੂੰ ਮਾਰਿਆ ਜਾ ਰਿਹਾ ਹੈ। ਗੈਰ-ਭਾਜਪਾ ਰਾਜਾਂ ਵਿਚ, ਭਾਜਪਾ ਇਨ੍ਹਾਂ ਗੁੰਡਿਆਂ ਦੀ ਵਰਤੋਂ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਉਨ੍ਹਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨਗੇ ਜੋ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ। ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ ਇਨ੍ਹਾਂ ਗੁੰਡਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।