ਬੇਅਦਬੀ ਬਿੱਲ: ‘ਆਪ’ ਨੇ ਬੇਅਦਬੀ ਦਾ ਮੁੱਦਾ ਚੁੱਕਣ ਵਾਲੇ ਕੁੰਵਰ ਵਿਜੇ ਪ੍ਰਤਾਪ ਨੂੰ ਨਹੀਂ ਦਿੱਤਾ ਬੋਲਣ ਦਾ ਮੌਕਾ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਬੇਅਦਬੀ ਬਿੱਲ ’ਤੇ ਬੋਲਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਸਾਹਿਬ ਨੇ ਕਿਹਾ ਸੀ ਕਿ ਜੇਕਰ ਤੁਸੀਂ ਬਹਿਸ ਲਈ ਸਮਾਂ ਮੰਗਦੇ ਹੋ, ਤਾਂ ਇਸ ਦਾ ਮਤਲਬ ਹੈ ਕਿ ਤੁਸੀਂ ਤਿਆਰ ਨਹੀਂ ਹੋ। ਪਰ ਜਦੋਂ ਤੁਹਾਡੀ ਸਰਕਾਰ ਨਹੀਂ ਬਣੀ, ਤਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਭਰੋਸਾ ਦਿੱਤਾ ਸੀ ਕਿ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ। ਕੁੰਵਰ ਪ੍ਰਤਾਪ ਸਿੰਘ ਬਾਜਵਾ 13 ਸਾਲ ਦੀ ਨੌਕਰੀ ਛੱਡਣ ਤੋਂ ਬਾਅਦ ਆਏ ਹਨ। ਉਨ੍ਹਾਂ ਕਿਹਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਲਾਗੂ ਕੀਤੀ ਜਾਵੇਗੀ। ਪਰ ਜਿਨ੍ਹਾਂ ਨੇ ਦੋਸ਼ੀਆਂ ਨੂੰ 24 ਘੰਟਿਆਂ ਵਿਚ ਸਜ਼ਾ ਦੇਣ ਦਾ ਦਾਅਵਾ ਕੀਤਾ ਸੀ, ਉਹ 1144 ਦਿਨ ਅਤੇ 27 ਹਜ਼ਾਰ 56 ਘੰਟਿਆਂ ਵਿਚ ਕੁਝ ਨਹੀਂ ਕਰ ਸਕੇ। ਕਾਂਗਰਸ ਸਰਕਾਰ ਵਿਚ ਇਹ ਬਿੱਲ ਸਰਬਸੰਮਤੀ ਨਾਲ ਪਾਸ ਹੋਇਆ ਸੀ। ਪਰ ਕੀ ਤੁਸੀਂ ਇਸ ਬਾਰੇ ਰਾਸ਼ਟਰਪਤੀ ਜਾਂ ਕੇਂਦਰ ਨੂੰ ਮਿਲੇ ਹੋ? ਇਹ ਮੁੱਦਾ ਕਦੋਂ ਗੰਭੀਰ ਹੋ ਗਿਆ, ਜਦੋਂ 2025 ਵਿਚ ਬੁਰਜ ਜਵਾਹਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਚੋਰੀ ਹੋ ਗਏ ਸਨ। ਉਸ ਤੋਂ ਬਾਅਦ ਬਰਗਾੜੀ ਬੇਅਦਬੀ ਦੀ ਘਟਨਾ ਵਾਪਰੀ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਤਤਕਾਲੀ ਡੀ.ਜੀ.ਪੀ. ਨੂੰ ਉੱਥੇ ਚੱਲ ਰਹੇ ਪ੍ਰਦਰਸ਼ਨ ਨੂੰ ਰੋਕਣ ਦਾ ਹੁਕਮ ਦਿੱਤਾ। ਇਸ ਤੋਂ ਬਾਅਦ ਲਾਠੀਚਾਰਜ ਹੋਇਆ, ਜਿਸ ਵਿਚ ਦੋ ਸਿੰਘ ਸ਼ਹੀਦ ਹੋ ਗਏ। ਇਸ ਤੋਂ ਬਾਅਦ ਮਾਮਲਾ ਫਰੀਦਕੋਟ ਅਦਾਲਤ ਵਿਚ ਜਾਰੀ ਰਿਹਾ ਪਰ ਉਨ੍ਹਾਂ ਵਿਚੋਂ ਇਕ ਕੇਸ ਵਿਚ ਸ਼ਾਮਿਲ ਇਕ ਵਿਅਕਤੀ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਕੇਸ ਨੂੰ ਤਬਦੀਲ ਕਰਨ ਦੀ ਮੰਗ ਕੀਤੀ। ਇਸ ਤੋਂ ਬਾਅਦ, ਕੇਸ ਨੂੰ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ।
ਬਾਜਵਾ ਨੇ ਅੱਗੇ ਕਿਹਾ ਕਿ ਜਿਨ੍ਹਾਂ ਨੂੰ ਇਸ ਮਾਮਲੇ ਵਿਚ ਦੋਸ਼ੀ ਮੰਨਿਆ ਗਿਆ ਸੀ, ਉਨ੍ਹਾਂ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਨਾਮ ਸੀ। ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿਚ ਚਲਾਨ ਪੇਸ਼ ਨਹੀਂ ਕੀਤਾ ਗਿਆ। ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਨਾਮ ਇਕ ਮਾਮਲੇ ਵਿਚ ਹੈ। ਜਦੋਂ ਕਿ ਦੂਜੇ ਮਾਮਲੇ ਵਿਚ ਉਨ੍ਹਾਂ ਦਾ ਨਾਮ ਨਹੀਂ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੋਸ਼ੀ ਸਰਕਾਰ ਵਿਚ ਸਨ। ਇਸ ਲਈ ਦੋਵਾਂ ਲਈ ਆਦੇਸ਼ ਦਿੱਤੇ ਗਏ ਹਨ।
ਸਰਕਾਰ ਬਣੇ ਸਾਢੇ ਤਿੰਨ ਸਾਲ ਹੋ ਗਏ ਹਨ। ਪਰ ‘ਆਪ’ ਨੇ ਬੇਅਦਬੀ ਦਾ ਮੁੱਦਾ ਉਠਾਉਣ ਵਾਲੇ ਕੁੰਵਰ ਪ੍ਰਤਾਪ ਸਿੰਘ ਨੂੰ ਬੋਲਣ ਦਾ ਮੌਕਾ ਵੀ ਨਹੀਂ ਦਿੱਤਾ। ਹਾਲਾਂਕਿ, ਸਪੀਕਰ ਨੇ ਕਿਹਾ ਕਿ ਮੈਂ ਪੂਰਾ ਸਮਾਂ ਦਿੱਤਾ ਹੈ। ਬਾਜਵਾ ਨੇ ਅੱਗੇ ਕਿਹਾ ਕਿ ਅੱਜ ਬਾਦਲ ਵੀ ਸਦਨ ਤੋਂ ਬਾਹਰ ਹਨ ਅਤੇ ਕੁੰਵਰ ਪ੍ਰਤਾਪ ਸਿੰਘ ਵੀ ਬਾਹਰ ਹਨ। ਇਹ ਕੋਈ ਸਮਝੌਤਾ ਨਹੀਂ ਹੈ। ਚਾਰ ਏ.ਜੀ. ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿਚੋਂ ਦੋ ਏ.ਜੀ. ਅਜਿਹੇ ਹਨ, ਜਿਨ੍ਹਾਂ ਨੇ ਮੁਲਜ਼ਮਾਂ ਦਾ ਬਚਾਅ ਕੀਤਾ ਹੈ।