ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਵਿਚਾਲੇ ਐਡਵੋਕੇਟ ਧਾਮੀ ਨਾਲ ਮੁਲਾਕਾਤ ਕਰਨ ਪੁੱਜੇ ਸ਼ਵੇਤ ਮਲਿਕ


ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਪਿਛਲੇ ਕੁਝ ਦਿਨਾਂ ਤੋਂ ਮਿਲ ਰਹੀਆ ਧਮਕੀਆਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੀ ਚਿੰਤਾ ਜ਼ਾਹਰ ਕੀਤੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਤਰਫੋਂ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲਣ ਪੁੱਜੇ ਭਾਜਪਾ ਦੇ ਸਾਬਕਾ ਸਾਂਸਦ ਸ਼ਵੇਤ ਮਲਿਕ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਵਲੋਂ ਇਸ ਮਾਮਲੇ ਤੇ ਚਿੰਤਾ ਜਾਹਿਰ ਕੀਤੀ ਹੈ।
ਮੁਲਾਕਾਤ ਉਪਰੰਤ ਐਡਵੋਕੇਟ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਕ ਪਾਸੇ ਪੱਤਰ ਲਿਖ ਕੇ ਜਾਣੂ ਕਰਾਉਣ ਦੇ ਬਾਵਜੂਦ ਪੰਜਾਬ ਸਰਕਾਰ ਦੀ ਤਰਫੋਂ ਅਜੇ ਤੱਕ ਕਿਸੇ ਨੇ ਵੀ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਸਥਾਪਿਤ ਨਹੀਂ ਕੀਤਾ, ਜਦੋਂ ਕਿ ਕੇਂਦਰ ਸਰਕਾਰ ਦੀ ਤਰਫੋਂ ਭਾਜਪਾ ਆਗੂ ਸ਼ਵੇਤ ਮਲਿੱਕ ਸ਼੍ਰੋਮਣੀ ਕਮੇਟੀ ਕੋਲ ਇਸ ਮਾਮਲੇ ’ਤੇ ਚਿੰਤਾ ਜ਼ਾਹਰ ਕਰਨ ਪੁੱਜੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਵੇਂ ਇਸ ਮਾਮਲੇ ਦੀ ਆਪਣੇ ਪੱਧਰ ’ਤੇ ਜਾਂਚ ਕਰ ਰਹੀ ਹੈ ਪਰ ਸ਼੍ਰੋਮਣੀ ਕਮੇਟੀ ਵਲੋਂ ਵੀ ਇਸ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ ਤੇ ਧਮਕੀ ਦੇਣ ਵਾਲੇ ਦੋਸ਼ੀ ਵਿਅਕਤੀ ਦੀ ਭਾਲ ਕੀਤੀ ਜਾਵੇਗੀ।