ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਅਧਿਕਾਰਤ ਯੂਟਿਊਬ ਚੈਨਲ ਦੀ ਸ਼ੁਰੂਆਤ

ਅੰਮ੍ਰਿਤਸਰ,16 ਜੁਲਾਈ-ਸੰਗਤ ਹੁਣ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਰਵਣ ਕਰ ਸਕੇਗੀ। ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣਾ ਅਧਿਕਾਰਤ ਯੂਟਿਊਬ ਚੈਨਲ ਸਥਾਪਿਤ ਕੀਤਾ ਗਿਆ, ਜਿਸ ਦਾ ਰਸਮੀ ਤੌਰ ’ਤੇ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਪ੍ਰਮੁੱਖ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਕੀਤਾ ਗਿਆ।
ਇਸ ਮੌਕੇ ਐਡਵੋਕਟ ਧਾਮੀ ਨੇ ਆਖਿਆ ਕਿ ਸੰਗਤ ਦੀ ਵੱਡੀ ਮੰਗ ਨੂੰ ਵੇਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸ਼ੁਰੂ ਕਰਨ ਦੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਇਕ ਵੱਖਰਾ ਯੂਟਿਊਬ ਚੈਨਲ “ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਆਫੀਸ਼ੀਅਲ” ਸਥਾਪਤ ਕੀਤਾ ਗਿਆ ਹੈ। ਇਸ ਚੈਨਲ ’ਤੇ ਅੰਮ੍ਰਿਤ ਵੇਲੇ ਤੋਂ ਲੈ ਕੇ ਰਾਤ ਤੱਕ ਸੰਗਤਾਂ ਗੁਰਬਾਣੀ ਕੀਰਤਨ ਸੁਣ ਸਕਣਗੀਆਂ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਹੋਰ ਗੁਰਦੁਆਰਾ ਸਾਹਿਬਾਨ ਤੋਂ ਵੀ ਜਲਦੀ ਹੀ ਗੁਰਬਾਣੀ ਕੀਰਤਨ ਸੰਗਤ ਤੱਕ ਪਹੁੰਚਾਉਣ ਦੇ ਕਾਰਜ ਨੂੰ ਅਮਲ ਵਿਚ ਲਿਆਂਦਾ ਜਾਵੇਗਾ।