ਗੁਰੂ ਘਰ ਦੇ ਦਰਬਾਰ ਸਾਹਿਬ ਵਿਚ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ

ਭਵਾਨੀਗੜ੍ਹ, (ਸੰਗਰੂਰ), 17 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਲਖੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਵਾਨੀਗੜ੍ਹ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਮੈਨੇਜਰ ਜਗਜੀਤ ਸਿੰਘ ਜੱਗੀ ਸੰਗਤਪੁਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਲੱਗਣ ’ਤੇ ਉਹ ਤੁਰੰਤ ਪਿੰਡ ਲਖ਼ੇਵਾਲ ਦੇ ਗੁਰੂ ਘਰ ਵਿਖੇ ਪਹੁੰਚੇ , ਜਿਥੇ ਜਾ ਕੇ ਦੇਖ਼ਿਆ ਕਿ ਚਾਨਣੀ ਦੇ ਉਪਰ ਦੀ ਲੰਘਦੀ ਤਾਰ ਤੋਂ ਸ਼ਾਰਟ ਸਰਕਟ ਹੋਣ ਕਾਰਨ ਚਾਨਣੀ ਨੂੰ ਅੱਗ ਲੱਗ ਗਈ, ਜਿਥੋਂ ਗੁਰੂ ਘਰ ਦੇ ਦਰਬਾਰ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪਾਲਕੀ ਸਾਹਿਬ ਨੂੰ ਅੱਗ ਲੱਗ ਜਾਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ ਹੋ ਗਏ। ਇਸ ਦਾ ਪਤਾ ਲਗਦਿਆਂ ਹੀ ਇਲਾਕੇ ਦੇ ਸਿੱਖ ਆਗੂਆਂ ਵਿਚ ਸੋਗ ਦੀ ਲਹਿਰ ਦੌੜ ਗਈ।
ਇਸ ਘਟਨਾ ਦਾ ਪਤਾ ਲਗਦਿਆਂ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਟੇਕ ਸਿੰਘ ਧਨੌਲਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਗੁਰਦੁਆਰਾ ਦੇ ਦਰਬਾਰ ਸਾਹਿਬ ਦਾ ਜਾਇਜ਼ਾ ਲੈਂਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕਾਂ ਨੂੰ ਇਸ ਘਟਨਾ ਦੇ ਜ਼ਿੰਮੇਵਾਰਾਂ ਨੂੰ 21 ਜੁਲਾਈ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਲਬ ਕੀਤਾ ਹੈ। ਉਨ੍ਹਾਂ ਪ੍ਰਬੰਧਕਾਂ ਨੂੰ ਤਾੜਨਾ ਕਰਦਿਆਂ ਦਰਬਾਰ ਸਾਹਿਬ ਦੀ ਪਾਲਕੀ ਸਾਹਿਬ ’ਤੇ ਉੱਪਰ ਲਗਾਈ ਚਾਨਣੀ ਸਾਹਿਬ ਦੇ ਨੇੜੇ ਲੱਗੇ ਬਲਬ ਅਤੇ ਪਲੱਗ ਜੋ ਲੰਮੇਂ ਸਮੇਂ ਤੋਂ ਲੱਗੇ ਹੋਣ ਕਾਰਨ ਪੁਰਾਣੇ ਹੋ ਗਏ ਸਨ, ਨੂੰ ਤੁਰੰਤ ਬਦਲਣ ਅਤੇ ਚਾਨਣੀ ਸਾਹਿਬ ਦੇ ਉਪਰ ਦੀ ਜਾਂਦੀ ਤਾਰ ਦੇ ਬਦਲਵੇਂ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਜਥੇਦਾਰ ਧਨੌਲਾ ਨੇ ਕਿਹਾ ਕਿ ਗੁਰੂ ਘਰ ਦੇ ਪ੍ਰਬੰਧਕਾਂ ਵਲੋਂ ਵੱਡੀ ਅਣਗਹਿਲੀ ਕਰਨ ਕਰਕੇ ਇਹ ਘਟਨਾ ਵਾਪਰੀ ਹੈ, ਜਿਸ ਦੀ ਸ਼ਜਾ 5 ਪਿਆਰਿਆਂ ਨਾਲ ਮੀਟਿੰਗ ਕਰਕੇ ਇਨ੍ਹਾਂ ਨੂੰ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਪ੍ਰਬੰਧਕਾਂ ਨੂੰ 21 ਜੁਲਾਈ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਲਬ ਕੀਤਾ ਹੈ। ਉਨ੍ਹਾਂ ਇਸ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਿੰਡਾਂ ਦੇ ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਗੁਰੂ ਘਰਾਂ ਵਿਚ ਲਗਾਏ ਬਿਜਲੀ ਨਾਲ ਚੱਲਣ ਵਾਲੇ ਉਪਕਰਨਾਂ ਦੀ ਤੁਰੰਤ ਜਾਂਚ ਕਰਨ ਦੇ ਵੀ ਆਦੇਸ਼ ਦਿੱਤੇ। ਇਸ ਘਟਨਾ ਦਾ ਪਤਾ ਲਗਦਿਆਂ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਵਲੋਂ ਗੁਰੂ ਘਰ ਵਿਚ ਲੱਗੇ ਕੈਮਰਿਆਂ ਨੂੰ ਜਾਂਚ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ਸਿੱਖ ਆਗੂਆਂ ਤੇ ਪਤਵੰਤਿਆਂ ਦੀ ਹਾਜ਼ਰੀ ਵਿਚ ਅਗਨ ਭੇਂਟ ਹੋਏ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਵਿਸ਼ੇਸ਼ ਪਾਲਕੀ ਰਾਹੀਂ ਸ੍ਰੀ ਗੋਇੰਦਵਾਲ ਸਾਹਿਬ ਭੇਜਿਆ ਗਿਆ।