JALANDHAR WEATHER

ਪਹਿਲਗਾਮ ਹਮਲੇ ’ਚ ਸ਼ਾਮਿਲ ਟੀ.ਆਰ.ਐਫ਼. ਨੂੰ ਅਮਰੀਕਾ ਨੇ ਐਲਾਨਿਆ ਅੱਤਵਾਦੀ ਸੰਗਠਨ

 

ਅਮਰੀਕਾ ਨੇ ਇਕ ਵੱਡਾ ਕਦਮ ਚੁੱਕਦੇ ਹੋਏ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਨਾਲ ਜੁੜੇ ਦ ਰੇਸਿਸਟੈਂਸ ਫ਼ਰੰਟ (ਟੀ.ਆਰ.ਐਫ਼.) ਨੂੰ ਇਕ ਵਿਦੇਸ਼ੀ ਅੱਤਵਾਦੀ ਸੰਗਠਨ ਐਲਾਨ ਦਿੱਤਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਇਹ ਜਾਣਕਾਰੀ ਦਿੱਤੀ। ਰੂਬੀਓ ਨੇ ਕਿਹਾ ਕਿ ਇਹ ਕਾਰਵਾਈ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਹਿਲਗਾਮ ਅੱਤਵਾਦੀ ਹਮਲੇ ਲਈ ਇਨਸਾਫ਼ ਦਿਵਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।


ਤੁਹਾਨੂੰ ਦੱਸ ਦੇਈਏ ਕਿ ਇਹ ਉਹ ਹੀ ਸੰਗਠਨ ਹੈ, ਜਿਸ ਨੇ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਇਸ ਹਮਲੇ ਵਿਚ 26 ਲੋਕ ਮਾਰੇ ਗਏ ਸਨ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲਾ 2008 ਦੇ ਮੁੰਬਈ ਹਮਲਿਆਂ ਤੋਂ ਬਾਅਦ ਭਾਰਤ ਵਿਚ ਨਾਗਰਿਕਾਂ ’ਤੇ ਸਭ ਤੋਂ ਵੱਡਾ ਅੱਤਵਾਦੀ ਹਮਲਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਕਾਰਵਾਈ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ, ਅੱਤਵਾਦ ਵਿਰੁੱਧ ਲੜਾਈ ਅਤੇ ਭਾਰਤ ਨਾਲ ਸਹਿਯੋਗ ਦਾ ਸਬੂਤ ਹੈ। ਰੂਬੀਓ ਨੇ ਇਹ ਵੀ ਕਿਹਾ ਕਿ ਟੀ.ਆਰ.ਐਫ. ਨੂੰ ਵਿਸ਼ੇਸ਼ ਤੌਰ ’ਤੇ ਨਾਮਜ਼ਦ ਗਲੋਬਲ ਅੱਤਵਾਦੀ ਵਜੋਂ ਵੀ ਨਾਮਜ਼ਦ ਕੀਤਾ ਗਿਆ ਹੈ।

ਟੀ.ਆਰ.ਐਫ. ਅਤੇ ਇਸ ਨਾਲ ਜੁੜੇ ਸਾਰੇ ਨਾਮ ਹੁਣ ਐਲ.ਈ.ਟੀ. ਦੀ ਅੱਤਵਾਦੀ ਸੂਚੀ ਵਿਚ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਐਲ.ਈ.ਟੀ. ਦੀ ਮੌਜੂਦਾ ਪਛਾਣ ਨੂੰ ਅੱਤਵਾਦੀ ਸੰਗਠਨ ਵਜੋਂ ਵੀ ਬਰਕਰਾਰ ਰੱਖਿਆ ਹੈ। ਤੁਹਾਨੂੰ ਦੱਸ ਦੇਈਏ ਕਿ ਟੀ.ਆਰ.ਐਫ਼. ਮੁਖੀ ਸ਼ੇਖ ਸੱਜਾਦ ਗੁਲ ਨੂੰ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਪਹਿਲਗਾਮ ਹਮਲੇ ਦਾ ਮੁੱਖ ਸਾਜਿਸ਼ਘਾੜਾ ਦੱਸਿਆ ਹੈ। ਟੀ.ਆਰ.ਐਫ਼. ਪਹਿਲਾਂ ਵੀ ਭਾਰਤ ਵਿਚ ਕਈ ਅੱਤਵਾਦੀ ਹਮਲਿਆਂ ਦੀ ਜ਼ਿੰਮੇਵਾਰੀ ਲੈ ਚੁੱਕਾ ਹੈ, ਜਿਸ ਵਿਚ 2024 ਵਿਚ ਭਾਰਤੀ ਸੁਰੱਖਿਆ ਬਲਾਂ ’ਤੇ ਹਮਲੇ ਵੀ ਸ਼ਾਮਿਲ ਹਨ।

ਧਿਆਨ ਦੇਣ ਯੋਗ ਹੈ ਕਿ ਟੀ.ਆਰ.ਐਫ਼. ਦੇ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਨਿਹੱਥੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਸੀ। 22 ਅਪ੍ਰੈਲ ਨੂੰ ਹੋਏ ਇਸ ਕਾਇਰਤਾਪੂਰਨ ਅੱਤਵਾਦੀ ਹਮਲੇ ਵਿਚ 26 ਬੇਗੁਨਾਹ ਲੋਕ ਮਾਰੇ ਗਏ ਸਨ। ਜਵਾਬ ਵਿਚ, ਭਾਰਤੀ ਫੌਜ ਨੇ ਆਪ੍ਰੇਸ਼ਨ ਸੰਧੂਰ ਦੇ ਤਹਿਤ 6-7 ਮਈ ਦੀ ਵਿਚਕਾਰਲੀ ਰਾਤ ਨੂੰ ਨੌਂ ਅੱਤਵਾਦੀ ਟਿਕਾਣਿਆਂ ’ਤੇ ਸਟੀਕ ਹਮਲੇ ਕੀਤੇ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ