ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਕਰਨਗੇ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਹਲਵਾਰਾ ਹਵਾਈ ਅੱਡੇ ਦੇ ਉਦਘਾਟਨ ਨੂੰ ਲੈ ਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵੱਡੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ 27 ਜੁਲਾਈ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਚੂਅਲੀ ਕਰਨਗੇ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਬਤੌਰ ਰਾਜ ਸਭਾ ਮੈਂਬਰ ਰਹਿੰਦਿਆਂ ਉਨ੍ਹਾਂ ਨੇ ਹਲਵਾਰਾ ਹਵਾਈ ਅੱਡੇ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾਉਣ ਲਈ ਅਣਥੱਕ ਯਤਨ ਕੀਤੇ ਸਨ, ਜਿਸ ਦੇ ਚੱਲਦੇ ਹੁਣ ਹਲਵਾਰਾ ਹਵਾਈ ਅੱਡੇ ਦੇ ਨਿਰਮਾਣ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ 2025 ਦਿਨ ਐਤਵਾਰ ਨੂੰ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ ਵਰਚੂਅਲੀ ਕਰਨਗੇ। ਜ਼ਿਕਰਯੋਗ ਹੈ ਕਿ ਹਲਵਾਰਾ ਹਵਾਈ ਅੱਡੇ ਤੋਂ ਹਵਾਈ ਉਡਾਣਾਂ ਸ਼ੁਰੂ ਹੋਣ ਨੂੰ ਲੈ ਕੇ ਕਾਫੀ ਸਿਆਸਤ ਹੁੰਦੀ ਆ ਰਹੀ ਹੈ। ਇਕ ਪਾਸੇ ਜਿਥੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਰਾਜ ਸਭਾ ਮੈਂਬਰ ਰਹਿੰਦਿਆਂ ਹਲਵਾਰਾ ਹਵਾਈ ਅੱਡੇ ਦਾ ਨਿਰਮਾਣ ਕੰਮ ਸ਼ੁਰੂ ਕਰਵਾਉਣ ਦਾ ਦਾਅਵਾ ਲਗਾਤਾਰ ਕੀਤਾ ਜਾਂਦਾ ਰਿਹਾ ਹੈ। ਉਥੇ ਹੀ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਅਤੇ ਭਾਜਪਾ ਆਗੂਆਂ ਵਲੋਂ ਵੀ ਹਲਵਾਰਾ ਹਵਾਈ ਅੱਡੇ ਦਾ ਨਿਰਮਾਣ ਸ਼ੁਰੂ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ।