ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ

ਕਪੂਰਥਲਾ, 18 ਜੁਲਾਈ (ਅਮਨਜੋਤ ਸਿੰਘ ਵਾਲੀਆ)-ਜਲੰਧਰ ਰੋਡ 'ਤੇ ਗੁਰੂ ਨਾਨਕ ਸਟੇਡੀਅਮ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਗੁਰਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਪ੍ਰਕਾਸ਼ ਵਾਸੀ ਮਨਸੂਰਵਾਲ ਦੋਨਾ ਜੋ ਕਿ ਕਿਸੇ ਘਰੇਲੂ ਕੰਮ ਲਈ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਪੂਰਥਲਾ ਸ਼ਹਿਰ ਵੱਲ ਜਾ ਰਿਹਾ ਸੀ, ਜਦੋਂ ਉਹ ਗੁਰੂ ਨਾਨਕ ਸਟੇਡੀਅਮ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ |
ਡਿਊਟੀ ਡਾਕਟਰ ਡਾ. ਮੋਇਨ ਮੁਹੰਮਦ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਇਸ ਸੰਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਥਾਣਾ ਸਿਟੀ ਦੇ ਐਸ.ਐਚ.ਓ. ਬਿਕਰਮਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕਾਰ ਨੂੰ ਕਬਜ਼ੇ ਵਿਚ ਲੈ ਕੇ ਕਾਰ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ |